ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੂਰਾ ਵਿਖੇ 10 ਸਾਲ ਪਹਿਲਾਂ ਹੋਈਆਂ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਲੰਬਾ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਗਿਆ | ਉਕਤ ਜਥੇਬੰਦਕ ਆਗੂਆਂ ਨੇ ਕਾਲੀ ਝੰਡੀਆਂ ਲੈ ਕੇ ਰੋਸ ਵਿਖਾਵਾ ਕਰਦਿਆਂ ਸੱਤਾਧਾਰੀ ਧਿਰ ਤੋਂ ਜਲਦੀ ਇਨਸਾਫ਼ ਦੀ ਮੰਗ ਕੀਤੀ ਹੈ | ਇਹ ਰੋਸ ਮਾਰਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਪਹੁੰਚਿਆ, ਜਿੱਥੇ ਕਿ ਘਟਨਾ ਦੇ ਦਿਨ ਤੜਕਸਾਰ ਜਾਪ ਕਰ ਰਹੀ ਸੰਗਤ 'ਤੇ ਪੁਲਿਸ ਨੇ ਗੋਲੀਆਂ ਚਲਾਈਆਂ ਸਨ ਅਤੇ ਗ਼ੰਦੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਸਨ | ਇਥੇ ਜਥੇਬੰਦਕ ਆਗੂਆਂ ਅਤੇ ਵਰਕਰਾਂ ਵਲੋਂ ਕੜਕਦੀ ਧੁੱਪ 'ਚ ਸ਼ਾਂਤੀਪੂਰਵਕ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਬਹਿਬਲ ਗੋਲੀਕਾਂਡ ਦੇ ਪੀੜਤ ਪਰਿਵਾਰ ਮੈਂਬਰ ਅਤੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਨੂੰ 10 ਸਾਲ ਹੋ ਚੁੱਕੇ ਹਨ, ਪ੍ਰੰਤੂ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕੁਝ ਦਿਨਾਂ ਦੇ ਵਿਚ ਹੀ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਸੀ, ਜੋ ਵਾਅਦੇ ਵਫ਼ਾ ਨਹੀਂ ਹੋਏ | ਐਕਸ਼ਨ ਦੀ ਅਗਵਾਈ ਕਰ ਰਹੇ ਆਗੂ ਸੁਖਜੀਤ ਸਿੰਘ ਖੋਸਾ ਨੇ ਐਲਾਨ ਕੀਤਾ ਕਿ ਜੇਕਰ ਉਕਤ ਮਾਮਲੇ 'ਚ ਜਲਦੀ ਚਲਾਨ ਨਾ ਪੇਸ਼ ਕੀਤਾ ਤਾਂ ਜੁਲਾਈ ਮਹੀਨੇ ਤੋਂ ਮੁੱਖ ਮੰਤਰੀ ਪੰਜਾਬ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਰਘਵੀਰ ਸਿੰਘ ਖਿਆਲੀਵਾਲਾ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਖ਼ਾਲਸਾ, ਰੁਪਿੰਦਰ ਸਿੰਘ, ਕੁਲਵੰਤ ਸਿੰਘ, ਮਾਸਟਰ ਹਰਜਿੰਦਰ ਸਿੰਘ ਹਰੀਨੌਂ, ਭਾਈ ਤਰਸੇਮ ਸਿੰਘ, ਭਾਈ ਸ਼ਰਨਜੀਤ ਸਿੰਘ, ਮੱਖਣ ਸਿੰਘ, ਸਵਰਨਜੀਤ ਸਿੰਘ ਖ਼ਾਲਸਾ, ਕੁਲਦੀਪ ਸਿੰਘ ਆਦਿ ਨੇ ਆਪਣੇ ਸੰਬੋਧਨ 'ਚ ਪੰਜਾਬ ਸਰਕਾਰ ਦੀ ਤਿੱਖੀ ਸੁਰ ਵਿਚ ਆਲੋਚਨਾ ਕੀਤੀ ਅਤੇ ਨਾਲ ਹੀ ਇਹ ਮੰਗ ਵੀ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਬੁਲਾਰਿਆਂ ਨੇ ਇਨਸਾਫ਼ ਲਈ ਸਭਨਾਂ ਨੂੰ ਜਥੇਬੰਦ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਜਥੇਬੰਦਕ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ |