ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਦਰਿਆਵਾਂ 'ਚ ਪਾਣੀ ਦੇ ਪਾੜਾਂ ਅਤੇ ਓਵਰਫਲੋਅ ਕਾਰਨ ਆਸ-ਪਾਸ ਦੇ ਪਿੰਡ ਅਤੇ ਕਸਬੇ ਪ੍ਰਭਾਵਿਤ ਹੋ ਰਹੇ ਹਨ | ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਪੁਲਿਸ, ਸਟੇਟ ਡਿਜਾਸਟਰ ਰਿਸਪਾਂਸ ਫ਼ੋਰਸ (ਐਸ.ਡੀ.ਆਰ.ਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਬਚਾਅ ਅਤੇ ਰਾਹਤ ਦੇ ਕੰਮ ਕਰ ਰਹੀਆਂ ਹਨ | ਹੁਣ ਤੱਕ ਵੱਡੀ ਗਿਣਤੀ ਵਿਚ ਲੋਕਾਂ ਨੂੰ ਹੜ੍ਹ ਵਾਲੇ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਲੋਕਾਂ ਨੂੰ ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ | ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਆਈ.ਪੀ.ਐਸ ਨੇ 112 ਐਮਰਜੈਂਸੀ ਰਿਸਪਾਂਸ ਵਾਹਨਾਂ 'ਤੇ ਤਾਇਨਾਤ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨੂੰ 24 ਘੰਟੇ ਡਿਊਟੀ 'ਤੇ ਤਾਇਨਾਤ ਰਹਿਣ ਦੇ ਸਪੱਸ਼ਟ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਨਾਗਰਿਕਾਂ ਦੀ ਸਹਾਇਤਾ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ | ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੌਰਾਨ ਪੁਲਿਸ ਟੀਮਾਂ ਵਲੋਂ ਬਿਨਾਂ ਦੇਰੀ ਕੀਤੇ ਤੁਰੰਤ ਮੌਕੇ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਤੁਰੰਤ 112 ਨੰਬਰ ਜਾਂ ਨੇੜਲੇ ਥਾਣੇ ਨਾਲ ਸੰਪਰਕ ਕਰਨ |