ਫ਼ਰੀਦਕੋਟ, 3 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਧੂੜਕੋਟ ਦੇ ਸਰਕਾਰੀ ਸਕੂਲ ਸਾਹਮਣੇ ਨਸ਼ੇ ਦੀ ਹਾਲਤ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਕਲੇਰ ਪੁਲਿਸ ਚੌਕੀ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਧਨੀਕਰਨ ਸਿੰਘ ਉਰਫ਼ ਧਨੀ ਪੁੱਤਰ ਗੁਰਲਾਭ ਸਿੰਘ ਵਾਸੀ ਧੂੜਕੋਟ ਪਿੰਡ ਧੂੜਕੋਟ ਦੇ ਸਰਕਾਰੀ ਸਕੂਲ ਦੇ ਸਾਹਮਣੇ ਨਸ਼ੇ ਦੀ ਹਾਲਤ ਵਿਚ ਬੈਠਾ ਹੈ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਰੇਡ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜਟਿਵ ਆਇਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਨ ਸੰਬੰਧੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |