ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਖ਼ਾਲਸਾ ਚੇਤਨਾ ਮਾਰਚ ਨਗਰ ਕੀਰਤਨ ਦੇ ਰੂਪ ਵਿਚ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਰੰਗਰੇਟਾ ਸਮੁੱਚਾ ਸੰਤ ਸਮਾਜ, ਧਾਰਮਿਕ ਜਥੇਬੰਦੀਆਂ ਅਤੇ ਬਾਬਾ ਜੀਵਨ ਸਿੰਘ 96 ਕਰੋੜੀ ਤਰਨਾ ਦਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਲੋਂ 4 ਸਤੰਬਰ ਦਿਨ ਵੀਰਵਾਰ ਨੂੰ ਕੱਢਿਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਬਾਬਾ ਜਸਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਉਪਰੰਤ ਗੁਰਦੁਆਰਾ ਬਾਬਾ ਜੀਵਨ ਸਿੰਘ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ, ਜੋਕਿ ਕੋਟਕਪੂਰਾ ਰੋਡ ਹੁੰਦੇ ਹੋਏ ਪਿੰਡ ਸਰਾਏਨਾਗਾ, ਕੋਟਕਪੂਰਾ ਸ਼ਹਿਰ ਵਿਚੋਂ ਹੁੰਦਾ ਹੋਇਆ ਬਾਘਾ ਪੁਰਾਣਾ ਗੁਰਦੁਆਰਾ ਸਾਹਿਬ ਚੰਦ ਪੁਰਾਣਾ ਸਾਹਿਬ ਵਿਖੇ ਕੁਝ ਸਮੇਂ ਦੇ ਪੜਾਅ ਉਪਰੰਤ ਉਪਰੰਤ ਮੋਗਾ ਤੋਂ ਲੁਧਿਆਣਾ ਅਤੇ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰੇਗਾ | ਇਸ ਮਗਰੋਂ 5 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋ ਕੇ ਰੋਪੜ ਤੋਂ ਗੁਰਦੁਆਰਾ ਭਰਤਗੜ੍ਹ ਸਾਹਿਬ ਤੋਂ ਕੀਰਤਪੁਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ | ਇਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ |