ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੌਮੀ ਕਿਸਾਨ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਮਿਲਿਆ ਅਤੇ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ | ਮੰਗ ਪੱਤਰ ਦੇਣ ਉਪਰੰਤ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਸਿੰਘ ਡੋਹਕ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸਰਕਾਰ ਹੜ੍ਹਾਂ ਦਾ ਮੁਆਵਜ਼ਾ ਤੁਰੰਤ ਦੇਵੇ, ਹੜ੍ਹ ਮਾਰੇ ਲੋਕਾਂ ਦਾ ਸਾਰਾ ਕਰਜ਼ਾ ਮੁਆਫ਼ ਕਰੇ, ਪੰਚਾਇਤੀ ਜ਼ਮੀਨਾਂ ਵੇਚਣ ਦੀ ਪਾਲਿਸੀ ਰੱਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਸਰਕਾਰ ਜਲਦੀ ਤੋਂ ਜਲਦੀ ਹੜ੍ਹ ਮਾਰੇ ਇਲਾਕੇ ਦਾ 70,000 ਕਿੱਲੇ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ, ਹੜ੍ਹ ਵਿਚ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਵਿਅਕਤੀ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ, ਸਰਕਾਰ ਹੜ੍ਹ ਵਿਚ ਮਰੇ ਪਸ਼ੂਆਂ ਦਾ ਇਕ ਲਖ ਰੁਪਏ ਪਸ਼ੂ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ, ਹੜ੍ਹਾਂ ਨਾਲ ਡਿੱਗੇ ਮਕਾਨਾਂ ਤੇ ਦੁਕਾਨਾਂ ਦਾ ਸਰਕਾਰ ਮੁਆਵਜ਼ਾ ਦੇਵੇ, ਸਰਕਾਰ ਹੜ੍ਹ ਦੀ ਮਾਰ ਹੇਠ ਆਏ ਸਾਰੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰੇ, ਸਰਕਾਰ ਮਜ਼ਦੂਰ ਪਰਿਵਾਰਾਂ ਦੇ ਹੋਏ ਜਾਨੀ ਨੁਕਸਾਨ, ਮਕਾਨਾਂ ਦਾ ਪਸ਼ੂ ਧਨ ਤੇ ਹੋਰ ਕਿਸੇ ਤਰ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ |