ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਐੱਸ.ਕਿਊ.ਐੱਫ਼. ਵੋਕੇਸ਼ਨਲ ਟੀਚਰਜ਼ ਫ਼ਰੰਟ ਦੇ ਆਗੂਆਂ ਨੇ ਅਧਿਆਪਕ ਦਿਵਸ ਮੌਕੇ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਪਾਸੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਭਵਿੱਖ ਸੰਵਾਰਨ ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਵਾਲੇ ਅਧਿਆਪਕ ਖ਼ੁਦ ਆਪ ਪ੍ਰਾਈਵੇਟ ਅਦਾਰਿਆਂ ਦੇ ਸ਼ਿਕਾਰ ਹਨ ਅਤੇ ਚੰਗੇ ਭਵਿੱਖ ਦਾ ਇੰਤਜਾਰ ਕਰ ਰਹੇ ਹਨ | 2633 ਐੱਨ.ਐੱਸ.ਕਿਊ.ਐੱਫ਼. ਵੋਕੇਸ਼ਨਲ ਟੀਚਰਜ਼ ਪਿਛਲੇ 11 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਪ੍ਰਾਈਵੇਟ ਕੰਪਨੀਆਂ ਦੇ ਹੇਠਾਂ ਕੰਮ ਕਰ ਰਹੇ ਹਨ | ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਇਨ੍ਹਾਂ ਅਧਿਆਪਕਾਂ ਨਾਲ ਬੈਠ ਕੇ ਪੱਕੇ ਕਰਨ ਦੀ ਗੱਲ ਕਰਦੇ ਰਹੇ, ਲੇਕਿਨ ਸਰਕਾਰ ਦੇ ਸਾਢੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ | ਸਰਕਾਰ ਵਲੋਂ ਕੀਤੇ ਗਏ ਸਾਰੇ ਵਾਅਦੇ ਝੂਠੇ ਨਿਕਲੇ | ਅਧਿਆਪਕਾਂ ਵਲੋਂ ਕਈ ਵਾਰ ਵਿਭਾਗ ਅਤੇ ਸਿੱਖਿਆ ਮੰਤਰੀ, ਸਬ ਕਮੇਟੀ ਨਾਲ ਕਈ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ | ਇਸ ਮੌਕੇ ਸਰਕਾਰ ਤੋਂ ਅਧਿਆਪਕਾਂ ਨੂੰ ਜਲਦ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਨੀਤੀ ਅਤੇ ਅਧਿਆਪਕਾਂ 'ਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ | ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਤੋਂ ਇਲਾਵਾ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ, ਮਨਵੀਰ ਸਿੰਘ ਸੰਧੂ, ਸੱਤਪਾਲ ਸਿੰਘ, ਦਲਵਿੰਦਰ ਸਿੰਘ, ਕੰਵਰਪਾਲ ਸਿੰਘ, ਮਨਪ੍ਰੀਤ ਸਿੰਘ, ਸਮਿਤਾ ਰਾਣੀ, ਸ਼ਬਨਮ ਆਦਿ ਹਾਜ਼ਰ ਸਨ |