ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਸਾਂਝ ਸਟਾਫ਼ ਫ਼ਰੀਦਕੋਟ ਵਲੋਂ ਥਾਣਾ ਸਦਰ ਫ਼ਰੀਦਕੋਟ ਵਿਚ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਸੈਮੀਨਾਰਾਂ ਦੌਰਾਨ ਮੌਜੂਦ ਪਬਲਿਕ ਨੂੰ ਘਰੇਲੂ ਹਿੰਸਾ, ਮਹਿਲਾ ਸੁਰੱਖਿਆ, ਸਾਂਝ ਕੇਂਦਰਾਂ ਦੀ ਭੂਮਿਕਾ, ਸਾਈਬਰ ਜੁਰਮ ਦੇ ਨਵੇਂ ਜ਼ੋਖ਼ਮ ਅਤੇ ਸੁਰੱਖਿਆ ਸਬੰਧੀ ਉਪਲਬਧ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਇਸਦੇ ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਪਬਲਿਕ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਭੂਮਿਕਾ ਵੀ ਮਹੱਤਵਪੂਰਨ ਹੈ | ਲੋਕਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਾਨੂੰਨੀ ਕਾਰਵਾਈਆਂ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ ਵੀ ਫ਼ਰੀਦਕੋਟ ਪੁਲਿਸ ਦਾ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਨਸ਼ਾ, ਘਰੇਲੂ ਹਿੰਸਾ ਅਤੇ ਸਾਈਬਰ ਜੁਰਮ ਵਰਗੀਆਂ ਸਮੱਸਿਆਵਾਂ ਨੂੰ ਕੇਵਲ ਕਾਨੂੰਨ ਰਾਹੀਂ ਨਹੀਂ, ਸਗੋਂ ਵੱਧ ਤੋਂ ਵੱਧ ਜਾਗਰੂਕ ਕਰਕੇ ਹੀ ਖਤਮ ਕੀਤਾ ਜਾ ਸਕਦਾ ਹੈ | ਉਨ੍ਹਾਂ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਪਾਸ ਨਸ਼ਿਆ ਜਾਂ ਕਿਸੇ ਹੋਰ ਜੁਰਮ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਹੈਲਪਲਾਈਨਾਂ ਨੰਬਰਾਂ ਜਾਂ ਫਿਰ ਨਜ਼ਦੀਕੀ ਪੁਲਿਸ ਸਟੇਸ਼ਨ 'ਤੇ ਸੰਪਰਕ ਕਰਨ |