ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਬਹੁਤ ਸਾਰੇ ਪਿੰਡ ਇਨ੍ਹੀ ਦਿਨੀਂ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਹੇ ਹਨ ਤੇ ਲੋਕ ਆਪ-ਮੁਹਾਰੇ ਲੋਕਾਂ ਦੀ ਮਦਦ ਕਰਨ ਲਈ ਪਹੁੰਚ ਰਹੇ ਹਨ | ਜੇਕਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੀ ਗੱਲ ਕਰੀਏ ਤਾਂ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਕੁ ਪਿੰਡਾਂ 'ਚ ਬਾਰਿਸ਼ ਦਾ ਪਾਣੀ ਜਮ੍ਹਾਂ ਹੋਇਆ, ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ 'ਤੇ ਬੁਰਾ ਅਸਰ ਪਿਆ ਤੇ ਪਸ਼ੂਆਂ ਦਾ ਚਾਰਾ ਤਾਂ ਲਗਪਗ ਖ਼ਤਮ ਹੋ ਚੁੱਕਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਗੁਲਾਬੇਵਾਲਾ, ਲੰਬੀਢਾਬ ਤੇ ਖੱਪਿਆਂਵਾਲੀ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਪਿੰਡਾਂ ਦੇ ਲੋਕ ਹੜ੍ਹਾਂ ਜਿਹੀ ਸਥਿਤੀ ਕਾਰਨ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਖੇਤਾਂ ਵਿਚ ਆਏ ਬਾਰਿਸ਼ ਦੇ ਜ਼ਿਆਦਾ ਪਾਣੀ ਕਾਰਨ ਉਨ੍ਹਾਂ ਦੀ ਝੋਨੇ ਦੀ ਫ਼ਸਲ ਖ਼ਰਾਬ ਹੋਣ ਕਿਨਾਰੇ ਹੈ ਤੇ ਪਸ਼ੂਆਂ ਦਾ ਚਾਰਾ ਤਾਂ ਬਿਲਕੁਲ ਖ਼ਤਮ ਹੋ ਚੁੱਕਾ ਹੈ | ਇਸ ਮੌਕੇ ਕਿਸਾਨਾਂ ਨੇ ਹਨੀ ਫ਼ੱਤਣਵਾਲਾ ਨੂੰ ਆਪਣੀਆਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਅਜਿਹੇ ਹਲਾਤਾਂ 'ਚ ਪਸ਼ੂਆਂ ਲਈ ਉਨ੍ਹਾਂ ਨੂੰ ਸ਼ਹਿਰ ਤੋਂ ਮਹਿੰਗੇ ਭਾਅ ਦੀ ਫ਼ੀਡ ਲੈਣੀ ਪੈ ਰਹੀ ਹੈ, ਜਿਸ ਕਾਰਨ ਉਨ੍ਹਾਂ 'ਤੇ ਆਰਥਿਕ ਬੋਝ ਵਧਦਾ ਜਾ ਰਿਹਾ | ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਲਗਾਤਾਰ ਆਈ ਬਾਰਿਸ਼ ਤੋਂ ਬਾਅਦ ਉਕਤ ਪਿੰਡਾਂ ਵਿਚ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦਾ ਕਾਫ਼ੀ ਨੁਕਸਾਨ ਹੋਇਆ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਇਨ੍ਹਾਂ ਪਿੰਡਾਂ ਦੀ ਸਾਰ ਲਈ ਜਾਵੇ ਤੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਪਿੰਡਾਂ 'ਚ ਪਸ਼ੂਆਂ ਲਈ ਚਾਰੇ ਦੀ ਮਦਦ ਕੀਤੀ ਜਾਵੇ | ਇਸ ਮੌਕੇ ਜਸਵੀਰ ਸਿੰਘ, ਗੁਰਮੀਤ ਮੈਂਬਰ, ਮੰਗਲ ਸਿੰਘ ਤੇ ਗਗਨ ਸੰਧੂ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਮੌਜੂਦ ਸਨ |