ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਤਿਉਹਾਰ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਵਲੋਂ ਖ਼ੁਦ ਰਾਤ ਸਮੇਂ ਰਾਮ ਲੀਲ੍ਹਾ ਗਰਾਊਾਡ ਤੇ ਸ਼ਹਿਰ ਦੇ ਵੱਖ-ਵੱਖ ਨਾਕਿਆਂ 'ਤੇ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ | ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਚ ਵੱਧ ਸੁਰੱਖਿਆ ਪ੍ਰਬੰਧਾਂ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੜਕਾਂ ਅਤੇ ਭੀੜ ਵਾਲੇ ਇਲਾਕਿਆਂ 'ਚ ਤਾਇਨਾਤ ਕੀਤਾ ਗਿਆ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਹਰੇਕ ਸਮਾਗਮ ਸਥਾਨ 'ਤੇ ਪੁਲਿਸ ਅਧਿਕਾਰੀ, ਸਿਵਲ ਡਰੈੱਸ ਵਿਚ ਸੁਰੱਖਿਆ ਕਰਮਚਾਰੀ ਤੇ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਜਦਕਿ ਡਰੋਨ ਕੈਮਰਿਆਂ ਤੇ ਸੀ.ਸੀ.ਟੀ.ਵੀ. ਨਿਗਰਾਨੀ ਰਾਹੀਂ ਸ਼ੱਕੀ ਗਤੀਵਿਧੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ |