ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਅਹੁਦਾ ਸੰਭਾਲਣ ਤੋਂ ਮਗਰੋਂ ਆਪਣੇ ਦਫ਼ਤਰ ਵਿਖੇ ਪਹਿਲੀ ਪ੍ਰੈੱਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਤੇ ਨਸ਼ਿਆਂ ਦਾ ਖ਼ਾਤਮਾ ਪਹਿਲੀ ਤਰਜ਼ੀਹ ਰਹੇਗੀ | ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਤੋਂ ਇਲਾਵਾ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਬਿਹਤਰ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ | ਇਸ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਸਮੇਤ ਹੋਰ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ |