ਫ਼ਰੀਦਕੋਟ, 22 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਕਲਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਅਰਾਈਆਂਵਾਲਾ ਕਲਾਂ ਰਸਤਾ ਹਿੰਮਤਪੁਰਾ ਬਸਤੀ ਰਾਹੀਂ ਪਹੁੰਚੇ ਤਾਂ ਸ਼ੱਕ ਦੇ ਆਧਾਰ 'ਤੇ ਉਥੇ ਆ ਰਹੇ ਬੂਟਾ ਸਿੰਘ ਉਰਫ਼ ਗੁਰਲਾਲ ਸਿੰਘ ਨੂੰ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 49 ਖੁੱਲੀਆਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |