ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਸਥਿਤ ਸਮੂਹ ਮਾਰਕਿਟ ਵਲੋਂ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ ਗਿਆ ਜਿਨ੍ਹਾਂ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਕੀਰਤਨ ਸਰਵਣ ਕੀਤਾ | ਉਪਰੰਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ | ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਭੇਟ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |