ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਸਬੰਧਿਤ ਏਟਕ ਵਲੋਂ 17 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:30 ਵਜੇ ਸ਼ਹੀਦ ਭਗਤ ਸਿੰਘ ਪਾਰਕ, ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਪੈਨਸ਼ਨਰ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਸ ਦੌਰਾਨ ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਸਮੇਤ ਸਾਰੀ ਅਗਲੇਰੀ ਕਾਰਜ ਯੋਜਨਾ ਉਲੀਕੀ ਗਈ | ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਉਕਤ ਫ਼ੈਸਲਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਅਸੋਕ ਕੌਸਲ, ਸੋਮ ਨਾਥ ਅਰੋੜਾ, ਮੁਖਤਿਆਰ ਸਿੰਘ ਮੱਤਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ ਤੇ ਜਸਵਿੰਦਰ ਸਿੰਘ ਬਰਾੜ ਨੇ ਮਾਨ ਸਰਕਾਰ 'ਤੇ ਦੋਸ਼ ਲਾਇਆ ਕਿ ਪੰਜਾਬ 'ਚ ਪਿਛਲੇ ਲਗਭਗ ਪੌਣੇ 4 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਨਾਜਾਇਜ਼ ਖ਼ਰਚਿਆਂ ਤੇ ਮੀਡੀਏ ਵਿਚ ਫੋਕੀ ਇਸ਼ਤਿਹਾਰਬਾਜੀ ਕਰਕੇ ਪੰਜਾਬ ਦੇ ਸਰਕਾਰੀ ਖ਼ਜਾਨੇ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ | ਪੰਜਾਬ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੋ ਗਈ ਹੈ |