ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ਵਿਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ 'ਆਪ' ਸਰਕਾਰ ਇਕ ਵਾਰ ਫ਼ਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਆਸਰੇ ਲੋਕਾਂ ਨੂੰ ਭਰਮਾਉਣ ਵਾਲੀ 'ਆਪ' ਸਰਕਾਰ ਦਾ ਲੋਕ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ | ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਸਿੰਘ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਦੱਸਿਆ ਕਿ ਇਸ ਵਾਰ ਵੀ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਜਮਾਂ ਜ਼ੁਬਾਨੀ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਅਧਿਆਪਕ ਵਰਗ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਵਰਤਾਰਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ | ਜਦੋਂ ਵੀ ਅਧਿਆਪਕ ਆਗੂਆਂ ਵਲੋਂ ਖ਼ਜ਼ਾਨਾ ਦਫ਼ਤਰ ਤੋਂ ਤਨਖ਼ਾਹਾਂ ਸੰਬੰਧੀ ਪੁੱਛਿਆ ਜਾਂਦਾ ਹੈ ਤਾਂ ਜ਼ੁਬਾਨੀ ਹੁਕਮਾਂ ਅਨੁਸਾਰ ਰੋਕ ਲੱਗੀ ਹੋਣ ਦਾ ਜੁਆਬ ਮਿਲਦਾ ਹੈ | ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਜ਼ੁਬਾਨੀ ਹੁਕਮਾਂ ਅਨੁਸਾਰ ਕਿਸੇ ਵੀ ਮੁਲਾਜ਼ਮ ਦੀ ਤਨਖ਼ਾਹ ਰੋਕੀ ਨਹੀਂ ਜਾ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤਿਆਂ ਦੀ ਕਟੌਤੀ ਕਰਕੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ 'ਤੇ ਅਧੂਰਾ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਕੇ ਆਪਣੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪ੍ਰਗਟਾਵਾ ਨੰਗੇ ਚਿੱਟੇ ਰੂਪ ਵਿਚ ਕਰ ਦਿੱਤਾ ਹੈ | ਅਧਿਆਪਕ ਆਗੂਆਂ ਨੇ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਸੋਮਵਾਰ ਤੱਕ ਤਨਖ਼ਾਹਾਂ ਜਾਰੀ ਨਾ ਹੋਣ 'ਤੇ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਹਰ ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਸਮੇਤ ਬਾਕੀ ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਸਮੇਂ ਚਰਨਜੀਤ ਸਿੰਘ ਅਟਵਾਲ, ਸੁਖਜੀਤ ਸਿੰਘ ਥਾਂਦੇਵਾਲਾ, ਕੁਲਵਿੰਦਰ ਸਿੰਘ ਗੁਲਾਬੇਵਾਲਾ, ਰਵਿੰਦਰ ਰਵੀ, ਨਛੱਤਰ ਸਿੰਘ ਹਰੀਕੇ, ਰਵੀ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |