ਜੈਤੋ, 18 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਮਾੜੇ ਪ੍ਰਦਰਸ਼ਨ ਦਾ ਮੁੱਖ ਕਾਰਨ ਪਾਰਟੀ ਅੰਦਰਲੀ ਧੜੇਬੰਦੀ ਰਹੀ ਹੈ | ਇਹ ਦੋਸ਼ ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ ਨੇ ਚੋਣ ਨਤੀਜਿਆਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਲਗਾਏ | ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪਾਰਟੀ ਅੰਦਰ ਇਕਜੁੱਟਤਾ ਦੀ ਘਾਟ ਅਤੇ ਆਪਸੀ ਖਿੱਚੋਤਾਣ ਨੇ ਕਾਂਗਰਸੀ ਉਮੀਦਵਾਰਾਂ ਨੂੰ ਨੁਕਸਾਨ ਪਹੁੰਚਾਇਆ ਹੈ | ਜਿਸ ਦਾ ਸਿੱਧਾ ਲਾਭ ਵਿਰੋਧੀ ਪਾਰਟੀਆਂ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਜੇਕਰ ਕਾਂਗਰਸ ਇਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਤਰਦੀ ਤਾਂ ਨਤੀਜੇ ਵੱਖਰੇ ਹੋ ਸਕਦੇ ਸਨ | ਉਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਅੰਦਰਲੀ ਧੜੇਬੰਦੀ ਨੂੰ ਖਤਮ ਕਰਕੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ ਤਾਂ ਜੋ ਭਵਿੱਖ ਵਿਚ ਕਾਂਗਰਸ ਨੂੰ ਮੁੜ ਮਜ਼ਬੂਤ ਕੀਤਾ ਜਾ ਸਕੇ |