ਕਿਸ਼ਨਪੁਰਾ ਕਲਾਂ, 19 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਦੇ ਪੁੱਤਰ ਪ੍ਰਧਾਨ ਜਸਵੀਰ ਸਿੰਘ ਸ਼ਾਹ ਤੇ ਵਾਰਡ ਨੰਬਰ 08 ਤੋਂ ਪੰਚਾਇਤ ਮੈਂਬਰ ਜਸਵਿੰਦਰ ਸਿੰਘ ਔਲਖ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹੱਕਾਂ, ਪੰਥਕ ਮਰਿਆਦਾਵਾਂ ਤੇ ਸਿੱਖ ਕੌਮ ਦੀ ਅਸਲੀ ਆਵਾਜ਼ ਨੂੰ ਦਬਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਿਰਮੌਰ ਤਖ਼ਤ ਹੈ ਤੇ ਸ਼੍ਰੀ ਅਕਾਲ ਤਖ਼ਤ ਦੇ ਫ਼ੈਸਲੇ ਅੱਗੇ ਹਰ ਸਿੱਖ ਦਾ ਸਿਰ ਝੁਕਦਾ ਹੈ | ਇਸ ਸਮੇਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਲਿਆਉਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਖੇਤਰੀ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ | ਪ੍ਰਧਾਨ ਸ਼ਾਹ, ਪੰਚ ਔਲਖ ਨੇ ਕਿਹਾ ਕਿ ਜੇ ਪੰਥਕ ਸੋਚ ਰੱਖਣ ਵਾਲੇ ਆਗੂ ਆਪਸੀ ਫ਼ਰਕ ਭੁੱਲ ਕੇ ਇਕ ਮੰਚ 'ਤੇ ਇਕੱਠੇ ਹੋ ਜਾਣ, ਤਾਂ ਕੋਈ ਵੀ ਤਾਕਤ ਪੰਜਾਬ ਦੇ ਹੱਕਾਂ ਨੂੰ ਅਣਦੇਖਾ ਨਹੀਂ ਕਰ ਸਕਦੀ | ਆਗੂਆਂ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਹੀ ਸਮੇਂ 'ਤੇ ਲਿਆ ਗਿਆ ਫ਼ੈਸਲਾ ਪੰਥ ਤੇ ਪੰਜਾਬ ਦੋਹਾਂ ਲਈ ਇਤਿਹਾਸਕ ਸਾਬਤ ਹੋ ਸਕਦਾ ਹੈ | ਅੰਤ ਵਿਚ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚਾਇਤ ਮੈਂਬਰ ਜਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਆਪੋ ਆਪਣੇ ਗਿਲੇ ਸ਼ਿਕਵੇ ਭੁਲਾ ਕੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਰੋਲ ਅਦਾ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਘਾਲਾ, ਨੰਬਰਦਾਰ ਛਿੰਦਰ ਸਿੰਘ, ਗੁਰਦੀਪ ਸਿੰਘ ਰਾਜੂ, ਗੁਰਪ੍ਰੀਤ ਸਿੰਘ ਰਾਜੂ ਸਾਬਕਾ ਪੰਚ, ਸੁਖਵਿੰਦਰ ਸਿੰਘ ਕਾਲੂ, ਅਮਰ ਸਿੰਘ ਰੋਡਾ, ਸੁਖਦੇਵ ਸਿੰਘ ਪੁਰਬਾ, ਈਸ਼ਵਰ ਸਿੰਘ ਆੜ੍ਹਤੀਆ ਆਦਿ ਹਾਜ਼ਰ ਸਨ |