ਫ਼ਰੀਦਕੋਟ, 19 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਆਪਣੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਸ਼ਾਨਦਾਰ ਜਿੱਤ 'ਤੇ ਹਲਕੇ ਦੇ ਵੋਟਰਾਂ, ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਦੇ 'ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਘੱਟੋ ਘੱਟ ਇਕ ਹਜ਼ਾਰ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਤੇ ਕਾਂਗਰਸ ਨਾਲੋਂ ਵੀ 600 ਤੋਂ ਘੱਟ ਉਮੀਦਵਾਰ ਚੋਣ ਮੈਦਾਨ ਵਿਚ ਸਨ | ਇਸ ਦੇ ਬਾਵਜੂਦ ਸ਼ੋ੍ਰਮਣੀ ਅਕਾਲੀ ਦਲ ਨੇ ਇਹ ਲੜਾਈ ਲੜ ਕੇ ਆਪਣੀ ਹੋਂਦ ਕਾਇਮ ਕੀਤੀ | ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਉਸ ਰੀਲ ਦਾ ਜਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਵਰਕਰਾਂ ਨੂੰ ਕਹਿ ਰਹੇ ਹਨ ਕਿ ਉਹ ਢੁਕਵੇਂ ਉਮੀਦਵਾਰ ਨਹੀਂ ਉਤਾਰ ਸਕੇ, ਪਰ ਸਚਾਈ ਇਹ ਹੈ ਕਿ ਸ. ਢਿੱਲੋਂ ਇਨ੍ਹਾਂ ਚੋਣਾਂ ਵਿਚ ਖੁਦ ਮੈਦਾਨ ਵਿਚ ਨਹੀਂ ਉਤਰੇ, ਇੱਥੋਂ ਤੱਕ ਉਨ੍ਹਾਂ ਨੇ ਆਪਣੇ ਖੇਤਰ ਵਿਚ ਵੋਟ ਪਾਉਣਾ ਵੀ ਜ਼ਰੂਰੀ ਨਹੀਂ ਸਮਝਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਚੋਣ ਨਤੀਜਿਆਂ ਨੇ ਇਹ ਸੰਕੇਤ ਦਿੱਤਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਮੁੜ ਸਰਕਾਰ ਸਥਾਪਤ ਕਰਨਗੇ | ਕਿਉਂਕਿ 9 ਸਾਲਾਂ 'ਚ ਪੰਜਾਬ ਵਾਸੀਆਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹੁਣ ਤੱਕ ਦਾ ਰਾਜ ਦੇਖ ਲਿਆ ਹੈ ਤੇ ਪੰਜਾਬ ਵਿਚ ਦਿਨ ਪ੍ਰਤੀ ਦਿਨ ਵੱਧ ਰਿਹਾ ਗੈਂਗਸਟਰਵਾਦ, ਲੁੱਟਾਂ ਖੋਹਾ, ਕਤਲ ਤੇ ਖ਼ਤਮ ਹੋ ਰਿਹਾ ਅਮਨ ਕਾਨੂੰਨ ਦਾ ਰਾਜ ਲੋਕਾਂ ਲਈ ਵੱਡੀ ਸਿਰਦਰਦੀ ਬਣ ਗਿਆ ਹੈ |