ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਕੇਂਦਰੀ ਮਾਡਰਨ ਜੇਲ੍ਹ 'ਚ ਅਚਾਨਕ ਅਤੇ ਵਿਸਤਿ੍ਤ ਚੈੱਕਿੰਗ ਮੁਹਿੰਮ ਚਲਾਈ ਗਈ | ਇਹ ਚੈਕਿੰਗ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕੀਤੀ ਗਈ | ਇਹ ਸਰਚ ਆਪ੍ਰੇਸ਼ਨ ਐਸ.ਪੀ (ਸਥਾਨਕ) ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ | ਉਨ੍ਹਾਂ ਨਾਲ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਸਮੇਤ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ | ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ | ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਨੇ ਦੱਸਿਆ ਕਿ ਪੁਲਿਸ ਵਲੋਂ ਇਹ ਚੈਕਿੰਗ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਕੀਤੀ ਗਈ | ਉਨ੍ਹਾਂ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾਂ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿਚ ਨਿਯਮਤ ਤੌਰ 'ਤੇ ਜਾਰੀ ਰਹਿਣਗੀਆਂ | ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ 'ਤੇ ਦੇਣ ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿਚ ਸ਼ਾਮਿਲ ਹੋ ਸਕਦੇ ਹਨ |