ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਪਾਰਲੀਮੈਂਟ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਲੋਕ ਸਭਾ ਵਿਚ ਮਨਰੇਗਾ ਦੇ ਨਾਂਅ ਬਦਲਣ ਸੰਬੰਧੀ ਪਾਸ ਬਿੱਲ ਦੀ ਸੀਨੀਅਰ ਕਾਂਗਰਸ ਆਗੂ ਗੁਰਦਾਸ ਗਿਰਧਰ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਨੇ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਆਰ.ਐੱਸ.ਐੱਸ. ਦੇ ਇਸ਼ਾਰੇ 'ਤੇ ਸੋਝੀ ਸਮਝੀ ਸਾਜਿਸ਼ ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਧੀ ਦੇ ਨਾਂਅ 'ਤੇ ਮਜ਼ਦੂਰਾਂ ਲਈ ਚੱਲ ਰਹੀ ਰੁਜ਼ਗਾਰ ਗਾਰੰਟੀ ਸਕੀਮ ਦਾ ਨਾਂਅ ਬਦਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲੋਕ ਹਿੱਤ ਲਈ ਬਣਾਈਆਂ ਵੱਖ-ਵੱਖ ਸਕੀਮਾਂ ਦੇ ਵਿਸ਼ੇਸ਼ ਏਜੰਡੇ ਤਹਿਤ ਨਾਂਅ ਬਦਲਣ ਕਰਕੇ ਆਰ.ਐੱਸ.ਐੱਸ. ਦਾ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਨ, ਜਿਨ੍ਹਾਂ ਨੇ ਵਿਰੋਧੀ ਧਿਰ ਦੇ ਅਟੱਲ ਬਿਹਾਰੀ ਵਾਜਪਾਈ ਨੂੰ ਯੂ.ਐੱਨ.ਓ. ਵਿਚ ਦੇਸ਼ ਦੀ ਪ੍ਰਤੀਨਿਧਤਾ ਲਈ ਭੇਜਿਆ ਸੀ, ਜਦਕਿ ਦੂਜੇ ਪਾਸੇ ਪਿਛਲੇ ਕੁਝ ਸਾਲਾਂ ਤੋਂ ਆਰ.ਐੱਸ.ਐੱਸ. ਦੇ ਇਸ਼ਾਰੇ 'ਤੇ ਦੇਸ਼ ਦਾ ਪ੍ਰਧਾਨ ਮੰਤਰੀ ਸਿਰਫ਼ ਇਤਿਹਾਸ ਬਦਲਣ ਦੇ ਯਤਨ ਕਰ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਸਕੀਮ ਦਾ ਨਾਂਅ ਨਾ ਬਦਲਿਆ ਜਾਵੇ |