ਸ੍ਰੀ ਮੁਕਤਸਰ ਸਾਹਿਬ, 2 ਸਤੰਬਰ (ਹਰਮਹਿੰਦਰ ਪਾਲ)-ਪੰਜਾਬ 'ਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੇਟਿਕ ਮੁਲਾਜ਼ਮ ਫ਼ੈੱਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਫ਼ੈੱਡਰੇਸ਼ਨ ਦੇ ਪਵਨ ਕੁਮਾਰ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿਚ ਅਸਫ਼ਲ ਰਹੀ ਹੈ, ਉੱਥੇ ਹੀ ਕੇਂਦਰ ਸਰਕਾਰ ਵਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ | ਫ਼ੈਡਰੇਸ਼ਨ ਆਗੂਆਂ ਪਰਮਾਤਮਾ ਸਿੰਘ, ਰਵੀ ਕੁਮਾਰ, ਜਸਵੰਤ ਸਿੰਘ, ਕੰਵਲਜੀਤ ਪਾਲ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਹੋਈ ਹਰੇਕ ਅਣਕਿਆਸੀ ਮੌਤ ਲਈ 20 ਲੱਖ ਰੁਪਏ, ਬਰਬਾਦ ਹੋਈ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ, ਹੜ੍ਹ ਕਾਰਨ ਰੁੜ੍ਹ ਗਈਆਂ ਮੱਝਾਂ ਤੇ ਗਾਵਾਂ ਲਈ ਇਕ ਲੱਖ ਰੁਪਏ, ਢਹਿ ਗਏ ਜਾਂ ਨੁਕਸਾਨੇ ਗਏ ਘਰ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਹੜ੍ਹਾਂ ਦੀ ਰੋਕਥਾਮ ਲਈ ਦਰਿਆਵਾਂ, ਨਾਲਿਆਂ ਅਤੇ ਡਰੇਨਾਂ ਦੀ ਸਾਫ਼-ਸਫ਼ਾਈ ਅਤੇ ਬੰਨ੍ਹਾਂ ਨੂੰ ਪੱਕਿਆਂ ਕਰਨ ਦੀ ਠੋਸ ਨੀਤੀ ਬਣਾਈ | ਫ਼ੈੱਡਰੇਸ਼ਨ ਆਗੂਆਂ ਬਲਕਰਨ ਸਿੰਘ, ਬਲਵੰਤ ਸਿੰਘ, ਅਸ਼ੋਕ ਪੂਨੀਆ ਨੇ ਆਖਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਮਦਦ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ਵਿਚ ਭੇਜੀ ਜਾ ਸਕੇ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਵਿਜੇ ਗੋਇਲ ਵੀ ਹਾਜ਼ਰ ਸਨ |