ਫ਼ਰੀਦਕੋਟ, 23 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ 'ਤੇ ਉੱਥੇ ਮੌਜੂਦ ਰਜਿੰਦਰ ਸਿੰਘ ਉਰਫ਼ ਰੋਜੀ ਪੁੱਤਰ ਬਲਦੇਵ ਸਿੰਘ ਅਤੇ ਜਗਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |