ਫ਼ਰੀਦਕੋਟ, 23 ਦਸੰਬਰ (ਜਸਵੰਤ ਸਿੰਘ ਪੁਰਬਾ)-2004 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਸੇਖੜੀ ਨੇ ਬਤੌਰ ਡਵੀਜਨਲ ਕਮਿਸ਼ਨਰ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ | ਜ਼ਿਕਰਯੋਗ ਹੈ ਕਿ ਉਹ ਇਸ ਵੇਲੇ ਡਵੀਜ਼ਨਲ ਕਮਿਸ਼ਨਰ ਫ਼ਿਰੋਜ਼ਪੁਰ ਤਾਇਨਾਤ ਹਨ ਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਫ਼ਰੀਦਕੋਟ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਡਿਵੀਜ਼ਨ ਨਾਲ ਸੰਬੰਧਿਤ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ ਕੀਤੀ ਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ, ਲੋਕ-ਹਿਤਕਾਰੀ ਯੋਜਨਾਵਾਂ ਤੇ ਦਫ਼ਤਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ | ਇਸ ਤੋਂ ਪਹਿਲਾਂ ਡਵੀਜਨਲ ਕਮਿਸ਼ਨਰ ਅਰੁਣ ਸੇਖੜੀ ਨੂੰ ਪੁਲਿਸ ਦੀ ਟੁੱਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਸ੍ਰੀ ਸੇਖੜੀ ਨੇ ਕਿਹਾ ਕਿ ਫ਼ਰੀਦਕੋਟ ਡਵੀਜਨ ਵਿਚ ਪ੍ਰਸ਼ਾਸਕੀ ਸੁਚਾਰੂਤਾ ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸਰਕਾਰੀ ਸੇਵਾਵਾਂ ਵਿਚ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸ੍ਰੀ ਅਰੁਣ ਸੇਖੜੀ ਨੇ ਦੱਸਿਆ ਕਿ ਫ਼ਰੀਦਕੋਟ ਡਵੀਜ਼ਨ ਦੇ ਸਮੁੱਚੇ ਅਤੇ ਸੰਤੁਲਿਤ ਵਿਕਾਸ ਲਈ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਕੰਮ ਕੀਤਾ ਜਾਵੇਗਾ ਤੇ ਆਮ ਲੋਕਾਂ ਨੂੰ ਸੁਚੱਜਾ, ਪ੍ਰਭਾਵਸ਼ਾਲੀ ਅਤੇ ਲੋਕ-ਹਿਤਕਾਰੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲਕਦਮੀ ਰਹੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ ਵੀ ਹਾਜ਼ਰ ਸਨ |