ਅੰਮਿ੍ਤਸਰ, 3 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਤੇ ਅਕਾਲੀ ਆਗੂਆਂ ਭਾਈ ਰਜਿੰਦਰ ਸਿੰਘ ਮਹਿਤਾ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਗ਼ੈਰ-ਜ਼ਿੰਮੇਵਾਰ ਆਗੂਆਂ ਵਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਤੇ ਇਸ ਨੂੰ ਛੋਟੀ ਰਾਜਨੀਤਕ ਸੋਚ ਕਰਾਰ ਦਿੰਦਿਆਂ ਕਿਹਾ ਹੈ ਸ਼੍ਰੋਮਣੀ ਅਕਾਲੀ ਦਲ ਨੂੰ ਦਮਦਮੀ ਟਕਸਾਲ ਨਾਲ ਕਿਸੇ ਕਿਸਮ ਦੇ ਵਾਦ-ਵਿਵਾਦ ਵਿਚ ਪੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਅੱਜ ਇਥੇ ਜਾਰੀ ਸਾਂਝੇ ਬਿਆਨ ਵਿਚ ਦੋਵਾਂ ਸੀਨੀਅਰ ਪੰਥਕ ਆਗੂਆਂ ਨੇ ਕਿਹਾ ਕਿ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਪੰਥ ਦੇ ਇਕ ਅਹਿਮ ਸਿਧਾਂਤਕ ਮੁੱਦੇ ਬਾਰੇ ਪੰਥ ਨੂੰ ਸੁਚੇਤ ਕੀਤਾ ਗਿਆ ਹੈ, ਜਿਸ ਬਾਰੇ ਅਕਾਲੀ ਲੀਡਰਸ਼ਿਪ ਨੂੰ ਬੜੀ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ ਤਾਂ ਜੋ ਪਿਛਲੇ ਸਮੇਂ ਦੌਰਾਨ ਹੋਏ ਵੱਡੇ ਸਿਆਸੀ ਨੁਕਸਾਨ ਤੋਂ ਭਵਿੱਖ ਤੋਂ ਬਚਿਆ ਜਾ ਸਕੇ | ਭਾਈ ਮਹਿਤਾ ਤੇ ਭਾਈ ਚਾਵਲਾ ਨੇ ਕਿਹਾ ਕਿ ਪਾਰਟੀ ਅੰਦਰਲੇ ਕੁਝ ਲੋਕ ਆਪਣੇ ਜਾਤੀ ਮੁਫ਼ਾਦਾਂ ਦੀ ਪੂਰਤੀ ਲਈ ਅਕਾਲੀ ਦਲ ਤੇ ਟਕਸਾਲ ਦਰਮਿਆਨ ਟਕਰਾਅ ਪੈਦਾ ਕਰ ਰਹੇ ਹਨ, ਜੋ ਪੰਥ ਅਤੇ ਪੰਜਾਬ ਲਈ ਬਹੁਤ ਨੁਕਸਾਨਦਾਇਕ ਹੈ ਤੇ ਅਜਿਹੇ ਵਿਅਕਤੀਆਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ |
ਸ਼੍ਰੋਮਣੀ ਅਕਾਲੀ ਦਲ, ਦਮਦਮੀ ਟਕਸਾਲ ਨਾਲ ਕਿਸੇ ਕਿਸਮ ਦੇ ਵਾਦ-ਵਿਵਾਦ 'ਚ ਪੈਣ ਤੋਂ ਗੁਰੇਜ਼ ਕਰੇ-ਭਾਈ ਮਹਿਤਾ, ਭਾਈ ਚਾਵਲਾ ਕਿਹਾ, ਪਾਰਟੀ ਅੰਦਰਲੇ ਕੁਝ ਲੋਕ ਜਾਤੀ ਮੁਫ਼ਾਦਾਂ ਦੀ ਪੂਰਤੀ ਲਈ ਅਕਾਲੀ ਦਲ ਤੇ ਟਕਸਾਲ ਦਰਮਿਆਨ ਪੈਦਾ ਕਰ ਰਹੇ ਹਨ ਟਕਰਾਅ <br/>
ਅਜੀਤ ਡੈਸਕ
04-06-2025