ਸੰਗਰੂਰ, 1 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਹੜ੍ਹਾਂ ਦੀ ਸਥਿਤੀ 'ਤੇ ਸਰਕਾਰ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ | ਪੰਜਾਬ ਦੇ ਸਿੰਜਾਈ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਦੇ ਸਭ ਤੋਂ ਵੱਧ 8 ਪ੍ਰਭਾਵਿਤ ਜ਼ਿਲਿ੍ਹਆਂ ਦੀ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਸਰਕਾਰ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ | ਇਸਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਤੇ ਹੋਰਨਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਧੀਆ ਭੂਮਿਕਾ ਨਿਭਾਈ ਜਾ ਰਹੀ ਹੈ | ਇੱਕ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਦੱਸਿਆ ਕਿ ਮਾਲਵੇ ਦੇ ਤਿੰਨ ਜ਼ਿਲਿ੍ਹਆਂ ਪਟਿਆਲਾ, ਸੰਗਰੂਰ ਤੇ ਮਾਨਸਾ ਨੂੰ ਪ੍ਰਭਾਵਿਤ ਕਰਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਅੱਜ 746.7 ਵੇਖਿਆ ਗਿਆ ਹੈ ਜਦਕਿ ਖ਼ਤਰੇ ਦਾ ਨਿਸ਼ਾਨ 748 ਫੁੱਟ ਹੈ ਪਰ ਇਸਦੇ ਬਾਵਜੂਦ ਜੇ ਪਾਣੀ ਦਾ ਪੱਧਰ 750 ਫੁੱਟ ਤੱਕ ਵੀ ਚਲਿਆ ਜਾਂਦਾ ਹੈ ਤਾਂ ਬਹੁਤਾ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਤੋਂ ਪਹਿਲਾਂ ਲੋੜੀਂਦੇ ਕੰਮ ਕਰਵਾਏ ਹੋਏ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੀ ਸਥਿਤੀ ਚਿੰਤਾਜਨਕ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਰਾਹਤ ਭੇਜਣੀ ਚਾਹੀਦੀ ਹੈ | ਘੱਗਰ ਬਾਰੇ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਹੜ੍ਹਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿਚ ਪੂਰਾ ਸਹਿਯੋਗ ਮਿਲ ਰਿਹਾ ਹੈ |
ਕੇਂਦਰ ਸਰਕਾਰ ਪੰਜਾਬ ਵਿਚ ਹੜ੍ਹਾਂ ਦੀ ਮਾਰ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜਣ ਤੋਂ ਪਹਿਲਾਂ ਪੰਜਾਬ ਨੂੰ ਮੁੱਢਲੀ ਰਾਹਤ ਦੇਵੇ-ਗੋਇਲ <br/>
ਅਜੀਤ ਡੈਸਕ
02-09-2025