ਸੰਗਰੂਰ, ਧਰਮਗੜ੍ਹ, 1 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਸੂਬੇ ਦੇ ਸਰਹੱਦੀ ਇਲਾਕਿਆਂ 'ਚ ਆਏ ਹੜ੍ਹਾਂ ਨਾਲ ਮਾਝੇ ਅਤੇ ਦੋਆਬਾ ਖੇਤਰਾਂ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ, ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਦੇ ਕਈ ਪਿੰਡਾਂ 'ਚ ਵੀ ਹੜ੍ਹਾਂ ਦੀ ਸਥਿਤੀ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ ਦੀਨਾਨਗਰ, ਡੇਰਾ ਬਾਬਾ ਨਾਨਕ, ਅਜਨਾਲਾ ਅਤੇ ਰਮਦਾਸ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਪਿੰਡਾਂ ਵਿਚ ਉਕਤ ਟਰੱਸਟ ਵਲੋਂ ਹੜ੍ਹ ਪੀੜਤਾਂ ਨੂੰ ਘਰੋ-ਘਰੀਂ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਕਿਸ਼ਤੀਆਂ ਰਾਹੀਂ ਵੰਡਿਆ ਜਾ ਰਿਹਾ ਹੈ ਤੇ ਇਨ੍ਹਾਂ ਪਿੰਡਾਂ 'ਚੋਂ ਹੁਣ ਤੱਕ 1200 ਤੋਂ ਵੱਧ ਵਿਅਕਤੀਆਂ ਤੇ ਪਸ਼ੂਆਂ ਨੂੰ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ ਹੈ | ਟਰੱਸਟ ਦੀ ਟੀਮ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਪੁੱਜੀ ਹੋਈ ਹੈ | ਇਸ ਮੌਕੇ ਗੁਰਦਾਸਪੁਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਤੇ ਸਿਵਲ ਪ੍ਰਸ਼ਾਸਨ ਨੇ ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ |
ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਦੀ ਸ਼ਲਾਘਾ-ਡਿਪਟੀ ਕਮਿਸ਼ਨਰ <br/>
ਅਜੀਤ ਡੈਸਕ
02-09-2025