ਜਲੰਧਰ, 1 ਸਤੰਬਰ (ਜਸਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ 'ਚ ਹੜ੍ਹਾਂ ਨਾਲ ਗੰਭੀਰ ਬਣੇ ਹਾਲਾਤ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਣ ਲਈ ਪੰਜਾਬ ਸਰਕਾਰ ਤੁਰੰਤ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰੇ | ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਹੋਰਨਾਂ ਆਗੂਆਂ ਨਾਲ ਸੁਲਤਾਨਪੁਰ ਲੋਧੀ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾਨ ਕਰਨ ਉਪਰੰਤ ਅੱਜ ਇੱਥੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਣ ਸੰਬੰਧੀ ਸਰਕਾਰ ਦੇ ਕੁੱਝ ਨਿਯਮ ਤੇ ਸ਼ਰਤਾਂ ਹੁੰਦੀਆਂ ਹਨ, ਜਿਸ ਤਹਿਤ ਸੂਬਾ ਸਰਕਾਰ ਨੂੰ ਆਫਤ ਦੇ 15 ਦਿਨਾਂ ਦੇ ਅੰਦਰ-ਅੰਦਰ ਕੇਂਦਰ ਨੂੰ ਸੂਚਿਤ ਕਰਨਾ ਹੁੰਦਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਅਜੇ ਤੱਕ ਕਿਸੇ ਸਰਕਾਰੀ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੇ ਇਸ ਬਾਰੇ ਕੇਂਦਰ ਸਰਕਾਰ ਨਾਲ ਕੋਈ ਰਾਬਤਾ ਨਹੀਂ ਕੀਤਾ ਹੈ | ਸ. ਚੰਦੂਮਾਜਰਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੇ ਕੋਲ 60 ਹਜ਼ਾਰ ਕਰੋੜ ਰੁਪਏ ਦਾ ਕੁਦਰਤੀ ਆਫਤ ਰਾਹਤ ਫੰਡ ਪਿਆ ਹੈ ਪਰ ਇਹ ਤਾਂ ਹੀ ਖਰਚਿਆ ਜਾ ਸਕਦਾ ਹੈ, ਜੇਕਰ ਕੇਂਦਰ ਸਰਕਾਰ ਨੂੰ ਇਨ੍ਹਾਂ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਦੀ ਹੈ ਤੇ ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਹੜ੍ਹ ਨੂੰ ਕੁਦਰਤੀ ਆਫਤ ਐਲਾਨਣ ਲਈ ਦਬਾਅ ਪਾਉਣਾ ਚਾਹੀਦਾ ਹੈ |
ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਣ ਲਈ ਕੇਂਦਰ ਨਾਲ ਫੌਰੀ ਰਾਬਤਾ ਕਾਇਮ ਕਰੇ ਪੰਜਾਬ ਸਰਕਾਰ-ਚੰਦੂਮਾਜਰਾ <br/>
ਅਜੀਤ ਡੈਸਕ
02-09-2025