ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਲਈ ਬਣਾਏ ਜਾ ਰਹੇ ਬਿੱਲ 2025 ਸੰਬੰਧੀ ਗਠਿਤ 'ਸਿਲੈੱਕਟ ਕਮੇਟੀ' ਨਾਲ ਅੱਜ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਸਬ ਕਮੇਟੀ ਦੇ ਮੈਂਬਰਾਂ ਨੇ ਇਕੱਤਰਤਾ ਕੀਤੀ ਅਤੇ ਸਰਕਾਰ ਵਲੋਂ ਪ੍ਰਸਤਾਵਿਤ ਐਕਟ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਕੌਮ ਦਾ ਪੱਖ ਰੱਖਿਆ | ਇਹ ਕਮੇਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਸੀ | ਇਸ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਬ ਕਮੇਟੀ ਦਾ ਹਿੱਸਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਇਸ ਸਬ ਕਮੇਟੀ ਵਲੋਂ ਸਾਰੇ ਤੱਥ ਘੋਖ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜੋ ਸ਼੍ਰੋਮਣੀ ਕਮੇਟੀ ਪ੍ਰਧਾਨ ਰਾਹੀਂ ਸਰਕਾਰ ਤੱਕ ਪਹੁੰਚਾਈ ਜਾਵੇਗੀ | ਪੰਜਾਬ ਵਿਧਾਨ ਸਭਾ 'ਸਿਲੈਕਟ ਕਮੇਟੀ' ਦੇ ਮੁਖੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਹੋਈ ਇਕੱਤਰਤਾ ਵਿਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ, ਬੀਬੀ ਪ੍ਰਭਜੋਤ ਕੌਰ ਅਤੇ ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰਿਸਰਚ ਬੋਰਡ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਵੀਰ ਸਿੰਘ ਸ਼ਾਮਿਲ ਹੋਏ |