ਸ੍ਰੀ ਅਨੰਦਪੁਰ ਸਾਹਿਬ, 3 ਸਤੰਬਰ (ਜੇ. ਐਸ. ਨਿੱਕੂਵਾਲ)-ਸਾਬਕਾ ਕੇਂਦਰੀ ਮੰਤਰੀ ਅਤੇ ਹਮੀਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਵਲੋਂ ਆਪਣੇ ਸੰਸਦੀ ਹਲਕੇ 'ਚ ਭਾਰੀ ਮੀਂਹ ਕਾਰਨ ਕੁਦਰਤੀ ਮੁਸੀਬਤ ਵਾਲੇ ਇਲਾਕਿਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਮੰਡਿਆਲੀ, ਮਾਤਾ ਨੈਣਾ ਦੇਵੀ, ਘਵੰਡਲ, ਕਨਫਰਾ ਚਾਰ ਮਾਰਗ ਦਾ ਦੌਰਾ ਕਰਕੇ ਕੁਦਰਤੀ ਮੁਸੀਬਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ | ਉਨ੍ਹਾਂ ਨਾਲ ਮਾਤਾ ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਭਾਜਪਾ ਵਿਧਾਇਕ ਰਣਧੀਰ ਸ਼ਰਮਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਲਾਲ ਚੰਦੇਲ ਵੀ ਮੌਜੂਦ ਸਨ | ਇਸ ਮੌਕੇ ਠਾਕੁਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਬੱਦਲ ਫਟਣ ਕਾਰਨ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਕਈ ਜ਼ਿਲਿ੍ਹਆਂ ਵਿਚ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਾਜ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ ਅਤੇ ਜਾਨ-ਮਾਲ ਦਾ ਵੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਿਮਾਚਲ ਦੀ ਸਥਿਤੀ 'ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਕੇਂਦਰ ਸਰਕਾਰ ਪਹਿਲਾਂ ਵਾਂਗ ਹਿਮਾਚਲ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ |