ਅੰਮਿ੍ਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਪੰਜਾਬ 'ਚ ਹੜ੍ਹਾਂ ਦੀ ਬਣੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ 5 ਸਤੰਬਰ ਨੂੰ ਪਾਏ ਜਾਣਗੇ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਜਿਥੇ ਜ਼ਰੂਰੀ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਹੀ ਪਸ਼ੂਆਂ ਲਈ ਚਾਰੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ ਵਿਸ਼ੇਸ਼ ਮੈਡੀਕਲ ਟੀਮਾਂ ਲੋੜ੍ਹਵੰਦਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਤੇ ਦਵਾਈਆਂ ਪ੍ਰਦਾਨ ਕਰ ਰਹੀਆਂ ਹਨ | ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮਿ੍ਤਸਰ ਅਤੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੇ ਮੁਫ਼ਤ ਇਲਾਜ਼ ਦਾ ਪ੍ਰਬੰਧ ਵੀ ਕੀਤਾ ਗਿਆ ਹੈ |