ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ੍ਹ ਪੀੜਤਾਂ ਦੀ ਮਦਦ ਲਈ ਉਘੇ ਹਾਸਰਸ ਤੇ ਫ਼ਿਲਮੀ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ ਹਨ | ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਪਸ਼ੂ ਚਾਰਾ ਰਾਹਤ ਸਮਗਰੀ ਵਜੋਂ ਦਿੱਤੇ ਗਏ | ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ਵਿਚ ਪੰਜਾਬੀਆਂ ਦਾ ਕੋਈ ਸਾਨੀ ਨਹੀਂ ਹੈ ਅਤੇ ਇਸੇ ਸਮੇਂ ਵੀ ਸਮਾਜ ਸੇਵੀ ਸੰਸਥਾਵਾਂ ਪੂਰੀ ਸੇਵਾ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ੍ਹ ਪੀੜਤਾਂ ਦੀ ਮਦਦ ਕਰਨ ਤੋਂ ਪਹਿਲਾਂ ਪ੍ਰ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਲੋਕਾਂ ਨੂੰ ਕਿਸ ਵਸਤੂ ਦੀ ਜ਼ਰੂਰਤ ਹੈ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਆਰ.ਟੀ.ਓ. ਨਵਜੋਤ ਸ਼ਰਮਾ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਗੁਰਪ੍ਰੀਤ ਸਿੰਘ ਘੁੱਗੀ ਤੇ ਉਨ੍ਹਾਂ ਦੇ ਸਾਥੀਆਂ ਦਾ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ ਧੰਨਵਾਦ ਕੀਤਾ ਗਿਆ |