07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕਾਂਗਰਸ ਦੇ ਬਲਾਕ ਪ੍ਰਧਾਨ ਦੀ ਹੱਤਿਆ ਦੇ ਰੋਸ ਵਜੋਂ ਐਸ.ਐਸ.ਪੀ. ਦਫ਼ਤਰ ਦੇ ਬਾਹਰ ਲਗਾਇਆ ਅਣਮਿੱਥੇ ਸਮੇਂ ਲਈ ਧਰਨਾ

Ad Position 21
No active advertisement
ਅਜੀਤ ਡੈਸਕ 05-09-2025

ਪੰਜਾਬ ਸਰਕਾਰ ਗੈਂਗਸਟਰਵਾਦ ਅੱਗੇ ਗੋਢੇ ਟੇਕ ਚੁੱਕੀ-ਬਾਜਵਾ, ਵੜਿੰਗ
<br/>
ਤਰਨ ਤਾਰਨ/ਪੱਟੀ, 4 ਸਤੰਬਰ (ਹਰਿੰਦਰ ਸਿੰਘ, ਕੁਲਵਿੰਦਰਪਾਲ ਸਿੰਘ ਕਾਲੇਕੇ/ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਤੂਤ, ਜੋ ਕਿ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਵਾਪਸ ਆਪਣੇ ਘਰ ਨੂੰ ਆ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰਨ ਦੇ ਰੋਸ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਐਸ.ਐਸ.ਪੀ. ਦਫ਼ਤਰ ਤਰਨ ਤਾਰਨ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ | ਧਰਨੇ 'ਤੇ ਬੈਠੇ ਕਾਂਗਰਸੀ ਆਗੂਆਂ ਨੂੰ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਸਮੇਂ 1984 ਦੇ ਦੌਰ ਤੋਂ ਵੀ ਖ਼ਤਰਨਾਕ ਮੋੜ 'ਤੇ ਆ ਚੁੱਕੇ ਹਨ | ਪੰਜਾਬ ਵਿਚ ਗੈਂਗਸਟਰਵਾਦ ਪੂਰੀ ਤਰ੍ਹਾਂ ਭਾਰੂ ਹੋ ਚੁੱਕਾ ਹੈ ਅਤੇ ਸਰਕਾਰ ਗੈਂਗਸਟਰਵਾਦ ਦੇ ਅੱਗੇ ਗੋਡੇ ਟੇਕ ਚੁੱਕੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਇਹ ਤੀਜੇ ਕਾਂਗਰਸੀ ਆਗੂ ਦੀ ਹੱਤਿਆ ਹੋਈ ਹੈ | ਇਸ ਤੋਂ ਪਹਿਲਾਂ ਕਾਂਗਰਸੀ ਆਗੂ ਜਸਵੰਤ ਸਿੰਘ ਫ਼ੌਜੀ ਅਤੇ ਕਾਂਗਰਸੀ ਸਰਪੰਚ ਰਾਜ ਸਿੰਘ ਤਲਵੰਡੀ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਆਗੂਆਂ ਨੇ ਕਿਹਾ ਕਿ ਇਕ ਗਿਣੀ ਮਿਥੀ ਸਾਜਿਸ਼ ਤਹਿਤ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਸਹਿਣ ਨਹੀਂ ਕਰੇਗੀ | ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਗੁਰਮੇਲ ਸਿੰਘ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਗੁਰਮੇਲ ਸਿੰਘ ਦੇ ਹੱਤਿਆਰਿਆਂ ਨੂੰ ਗਿ੍ਫ਼ਤਾਰ ਕਰਨ ਅਤੇ ਇਨਸਾਫ਼ ਲੈਣ ਤੱਕ ਇਹ ਲੜਾਈ ਜਾਰੀ ਰਹੇਗੀ | ਉਨ੍ਹਾਂ ਨੇ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਤੁਰੰਤ ਸੁਰੱਖਿਆ ਦੇਣ ਦੀ ਵੀ ਮੰਗ ਕੀਤੀ | ਇਸ ਤੋਂ ਪਹਿਲਾਂ ਸਿਵਲ ਹਸਪਤਾਲ ਪੱਟੀ ਦੇ ਡਾਕਟਰਾਂ ਦੇ ਬਣੇ ਪੈਨਲ ਵਿਚ ਡਾ. ਅਕਾਸ਼ਦੀਪ ਸਿੰਘ, ਡਾ. ਕੋਮਲਪ੍ਰੀਤ ਸਿੰਘ ਅਤੇ ਡਾ. ਗੁਰਸਿਮਰਨ ਸਿੰਘ ਵਲੋਂ ਮਿ੍ਤਕ ਗੁਰਮੇਲ ਸਿੰਘ ਤੂਤ ਦਾ ਪੋਸਟਮਾਰਟਮ ਕੀਤਾ ਗਿਆ | ਇਸ ਮੌਕੇ ਸਿਵਲ ਹਸਪਤਾਲ ਪੱਟੀ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ, ਡੀ.ਐਸ.ਪੀ. ਪੱਟੀ ਲਵਕੇਸ਼, ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ | ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕਰਨਬੀਰ ਸਿੰਘ ਬੁਰਜ, ਰਾਜਬੀਰ ਸਿੰਘ ਭੁੱਲਰ, ਮਨਿੰਦਰਪਾਲ ਸਿੰਘ ਪਲਾਸੌਰ, ਸੁਖਵਿੰਦਰ ਸਿੰਘ ਸਿੱਧੂ, ਚਰਨਜੀਤ ਸਿੰਘ ਮਿੱਠਾ, ਅਵਤਾਰ ਸਿੰਘ ਤਨੇਜਾ, ਗੁਰਮੇਲ ਸਿੰਘ ਪੰਨੂੰ, ਬਲਕਾਰ ਸਿੰਘ ਵੋਹਰਾ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਅਤੇ ਵਰਕਰ ਐਸ.ਐਸ.ਪੀ. ਦਫ਼ਤਰ ਦੇ ਬਾਹਰ ਦਿੱਤੇ ਧਰਨੇ ਵਿਚ ਡਟੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਲ 2025 ਦੇ ਸਰਬੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ ਅਗਲੀ ਖ਼ਬਰ ਬੁਨਿਆਦੀ ਲੋੜਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਡੀ.ਸੀ. ਦਫ਼ਤਰ ਬਰਨਾਲਾ ਦਾ ਘਿਰਾਓ 8 ਨੂੰ
Ad Position 24