ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ 'ਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲਿ੍ਹਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ, ਜਦਕਿ 15 ਜ਼ਿਲਿ੍ਹਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ 'ਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ 'ਤੇ ਜਾਰੀ ਹਨ | ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ 'ਚ ਗੁਰਦਾਸਪੁਰ, ਅੰਮਿ੍ਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਿਲ ਹਨ | ਮਾਲ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 20,972 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ | ਮੰਤਰੀ ਨੇ ਕਿਹਾ ਕਿ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 6 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 14 ਜ਼ਿਲਿ੍ਹਆਂ 'ਚ ਹੁਣ ਤੱਕ ਕੁੱਲ 43 ਜਾਨਾਂ ਜਾ ਚੁੱਕੀਆਂ ਹਨ |
ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਹੋਰ ਕੈਂਪ ਕੀਤੇ ਗਏ ਸਥਾਪਤ-ਮੁੰਡੀਆਂ <br/>
ਅਜੀਤ ਡੈਸਕ
05-09-2025