ਕਪੂਰਥਲਾ/ਸੁਲਤਾਨਪੁਰ ਲੋਧੀ, 4 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਕੌਮੀ ਆਫ਼ਤ ਐਲਾਨ ਕੇ ਮੁੜ ਵਸੇਬੇ ਲਈ ਤੁਰੰਤ ਰਾਹਤ ਪੈਕੇਜ ਜਾਰੀ ਕੀਤਾ ਜਾਵੇ | ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਪੂਰਥਲਾ ਜ਼ਿਲ੍ਹੇ ਦੇ ਮੰਡ ਖੇਤਰ, ਗੁਰਦਾਸਪੁਰ ਤੇ ਹੋਰ ਜ਼ਿਲਿ੍ਹਆਂ ਦਾ ਦੌਰਾ ਕਰਨ ਤੋਂ ਬਾਅਦ ਸਥਿਤੀ 'ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਵਿਚੋਂ ਪੰਜਾਬੀਆਂ ਨੂੰ ਪੈਰਾਂ 'ਤੇ ਖੜ੍ਹੇ ਹੋਣ ਵਿਚ ਲੰਬਾ ਸਮਾਂ ਲੱਗੇਗਾ | ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਬਾਊਪੁਰ, ਸਾਂਗਰਾ ਤੇ ਦਰਿਆ ਦੇ ਪਾਣੀ ਵਿਚ ਬੁਰੀ ਤਰ੍ਹਾਂ ਘਿਰੇ 16 ਟਾਪੂਨੁਮਾ ਪਿੰਡਾਂ ਵਾਸਤੇ ਨਕਦ ਰਾਸ਼ੀ ਅਤੇ 5 ਟਰੱਕ ਰਾਹਤ ਸਮਗਰੀ ਭੇਜੀ | ਇਸ ਮੌਕੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਸ੍ਰੀ ਚੰਦ ਵੈੱਲਫੇਅਰ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰਾਜਾ ਗੁਰਪ੍ਰੀਤ ਸਿੰਘ, ਭਾਈ ਜਗਜੀਤ ਸਿੰਘ ਸੰਧੂ ਸੁਲਤਾਨਪੁਰ, ਕੁਲਦੀਪ ਸਿੰਘ ਸਾਂਗਰਾ, ਬਾਬਾ ਰਣਜੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਲਖਵੀਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਗਗਨਦੀਪ ਸਿੰਘ, ਇਲਾਕੇ ਦੇ ਪੰਚ-ਸਰਪੰਚ ਤੇ ਹੋਰ ਸ਼ਖ਼ਸੀਅਤਾਂ ਆਦਿ ਵੀ ਹਾਜ਼ਰ ਸਨ |
ਬਾਬਾ ਬਲਬੀਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ <br/>
ਅਜੀਤ ਡੈਸਕ
05-09-2025