ਡੇਰਾ ਬਾਬਾ ਨਾਨਕ (ਬਟਾਲਾ), 5 ਸਤੰਬਰ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)-ਦਰਿਆ ਰਾਵੀ ਅੰਦਰ ਆਏ ਹੜ੍ਹ ਦੀ ਮਾਰ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਸਾਰ ਲੈਣ ਲਈ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਵਲੋਂ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੀ ਉਨ੍ਹਾਂ ਨਾਲ ਸਨ | ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਅਮਨ ਅਰੋੜਾ ਆਪਣੇ ਸਾਥੀਆਂ ਨਾਲ ਭਾਰਤ-ਪਾਕਿ ਸਰਹੱਦ ਉਪਰ ਜ਼ੀਰੋ ਲਾਈਨ 'ਤੇ ਪਹੁੰਚੇ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ, ਨਾਲ ਹੀ ਕੰਡਿਆਲੀ ਤਾਰ ਦੇ ਨਾਲ ਹੜ੍ਹ ਦੇ ਪਾਣੀ ਨਾਲ ਬਰਬਾਦ ਹੋਈ ਫਸਲ ਦਾ ਜਾਇਜ਼ਾ ਲਿਆ | ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਅੰਦਰ ਹੜ੍ਹਾਂ ਦੇ ਰੂਪ ਵਿਚ ਬੜੀ ਵੱਡੀ ਮੁਸੀਬਤ ਆਈ ਹੈ, ਜਿਸ ਨੇ ਅੱਧੇ ਤੋਂ ਵੱਧ ਪੰਜਾਬ ਨੂੰ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਨਾਲ ਬਰਬਾਦ ਹੋਈ ਫਸਲ ਨੇ ਜਿਥੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ, ਉਥੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਰਹਿੰਦੇ ਪਰਿਵਾਰ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਏ ਹਨ | ਸੂਬਾ ਪ੍ਰਧਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਉਪਰ ਆਈ ਕੁਦਰਤੀ ਕਰੋਪੀ ਦਾ ਸਾਹਮਣਾ ਕਰਨ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜਾ ਹੈ | ਪ੍ਰਧਾਨ ਰਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਜਿਥੇ ਆਪਣੀਆਂ ਟੀਮਾਂ ਨਾਲ 'ਗਰਾਊਾਡ ਜ਼ੀਰੋ' ਉੱਪਰ ਜਾ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰ ਰਹੀਆਂ ਹਨ, ਉਥੇ ਹੀ ਸਮਾਜ ਸੇਵੀ ਜਥੇਬੰਦੀਆਂ ਅਤੇ ਵੱਖ-ਵੱਖ ਐਨ.ਜੀ.ਓ. ਵੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਲਈ ਰਾਸ਼ਨ, ਦਵਾਈਆਂ, ਘਰਾਂ ਲਈ ਲੋੜੀਂਦਾ ਸਾਮਾਨ ਅਤੇ ਪਸ਼ੂਆਂ ਲਈ ਚਾਰੇ ਦੀ ਮਦਦ ਕਰ ਰਹੇ ਹਨ | ਸੰਜੇ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੂਬਾ ਸਰਕਾਰ, ਸਿਵਲ ਪ੍ਰਸ਼ਾਸਨ ਅਤੇ ਫ਼ੌਜ ਵਲੋਂ ਵੱਡੇ ਪੱਧਰ 'ਤੇ ਚਲਾਏ ਜਾ ਰਿਹੇ ਰਾਹਤ ਕਾਰਜਾਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਵਿਚ ਸਾਰਾ ਦੇਸ਼ ਪੰਜਾਬ ਦੇ ਲੋਕਾਂ ਨਾਲ ਖੜਾ ਹੈ | ਉਨ੍ਹਾਂ ਲੰਘੇ ਦਿਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਹੜ੍ਹ ਪ੍ਰਭਾਵਿਤ ਫੇਰੀ ਨੂੰ ਲੈ ਕੇ ਸਵਾਲ ਖੜੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁਸੀਬਤ ਦੀ ਇਸ ਘੜੀ ਵਿਚ ਪੰਜਾਬ ਨੂੰ ਮੁੜ ਲੀਹਾਂ ਉੱਪਰ ਲਿਆਉਣ ਲਈ ਵੱਡੇ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਸੀ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਦਾ ਸਾਮਹਣਾ ਕਰ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਬਰਬਾਦ ਹੋਈਆ ਫਸਲਾਂ ਦੇ ਮੁਆਵਜ਼ੇ ਲਈ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਅਤੇ ਨਾਲ ਹੀ ਪੰਜਾਬ ਦਾ ਕੇਦਰ ਸਰਕਾਰ ਕੋਲ ਫੰਡਾਂ ਦੇ ਰੂਪ 'ਚ ਪਿਆ ਹਜ਼ਾਰਾਂ ਕਰੋੜ ਦਾ ਬਕਾਇਆ ਤੁਰੰਤ ਜਾਰੀ ਕਰਨ | ਸੰਜੇ ਸਿੰਘ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਉਨ੍ਹਾਂ ਦੀ ਟੀਮ ਦੀ ਵਿਸ਼ੇਸ਼ ਤੌਰ 'ਤੇ ਸ਼ਾਲਾਘਾ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਅਦਿਤਯ ਸ਼ਰਮਾ, ਬਟਾਲਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ, ਚੇਅਰਮੈਲ ਬਲਵਿੰਦਰ ਸਿੰਘ ਹਰੂਵਾਲ ਤੋਂ ਇਲਾਵਾ ਹੋਰ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ |