ਅੰਮਿ੍ਤਸਰ, 5 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ (ਉੱਤਰ ਪ੍ਰਦੇਸ਼) ਤੋਂ ਚੱਲ ਕੇ ਪਲੀਆ ਕਲਾਂ, ਮੈਲਾਨੀ, ਖੁਟਾਰ, ਘਰੇੜਦੌੜਾ ਆਦਿ ਤੋਂ ਹੁੰਦਾ ਹੋਇਆ ਆਪਣੇ ਅਗਲੇ ਪੜਾਅ ਤਹਿਤ ਰਾਤ ਨੂੰ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਵਿਖੇ ਪੁੱਜਾ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ | ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ | ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਲਖਨਊ ਦੇ ਪ੍ਰਬੰਧਕ ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਤੇ ਸ਼ੇਰ ਸਿੰਘ ਸਮੇਤ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ |