ਰਾਜਾਸਾਂਸੀ (ਅੰਮਿ੍ਤਸਰ), 6 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਜਿਸ ਦੇ ਤਹਿਤ ਅੰਮਿ੍ਤਸਰ ਵਿਚ ਹਲਕਾ ਪੱਛਮੀ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵਲੋਂ ਚਾਰ ਟਰੱਕ ਰਾਹਤ ਸਮੱਗਰੀ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਅੰਮਿ੍ਤਸਰ ਰਾਜਾਸਾਂਸੀ ਦੇ ਹਵਾਈ ਅੱਡਾ ਮਾਰਗ ਤੋਂ ਪੰਜਾਬ ਕਾਂਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਦੋ ਟਰੱਕ ਫਿਰੋਜ਼ਪੁਰ ਅਤੇ ਦੋ ਟਰੱਕ ਅਜਨਾਲਾ ਦੇ ਪਿੰਡਾਂ ਦੇ ਲਈ ਰਵਾਨਾ ਕੀਤੇ ਗਏ | ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਹੀ ਆਪਣੀ ਜ਼ਿੰਮੇਵਾਰੀ ਤੋਂ ਫੇਲ੍ਹ ਹੋ ਚੁੱਕੀਆਂ ਹਨ | ਪੰਜਾਬ ਹੜ੍ਹ ਦੀ ਸਥਿਤੀ ਨਾਲ ਨਜਿੱਠ ਰਿਹਾ ਹੈ ਅਤੇ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ, ਪ੍ਰੰਤੂ ਲੋਕਾਂ ਤੱਕ ਰਾਹਤ ਸਮੱਗਰੀ ਨਹੀਂ ਪਹੁੰਚ ਰਹੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਨਿਰਦੇਸ਼ ਅਨੁਸਾਰ ਪਾਰਟੀ ਦੇ ਵਰਕਰਾਂ ਵਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਇਸ ਮੌਕੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਵਿਧਾਇਕ ਸੁਨੀਲ ਦੱਤੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸ਼ਵਨੀ ਪੱਪੂ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਹਾਜ਼ਰ ਸਨ |
ਪੰਜਾਬ ਤੇ ਕੇਂਦਰ ਸਰਕਾਰ ਦੋਵੇਂ ਹੀ ਆਪਣੀ ਜ਼ਿੰਮੇਵਾਰੀ ਤੋਂ ਫੇਲ੍ਹ ਹੋ ਚੁੱਕੀਆਂ-ਬਘੇਲ <br/>
ਅਜੀਤ ਡੈਸਕ
07-09-2025