ਚੰਡੀਗੜ੍ਹ, 7 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 8 ਸਤੰਬਰ ਦਿਨ ਸੋਮਵਾਰ ਨੂੰ ਦੁਪਹਿਰ 2 ਵਜੇ ਚੰਡੀਗੜ੍ਹ 'ਚ ਪਾਰਟੀ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਇੰਚਾਰਜਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ ਹੈ | ਇਹ ਜਾਣਕਾਰੀ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਦਿੱਤੀ | ਇਸ ਸੰਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵਲੋਂ ਮੀਟਿੰਗ 'ਚ ਵੱਖ-ਵੱਖ ਇਲਾਕਿਆਂ 'ਚ ਹੜ੍ਹਾਂ ਕਾਰਨ ਲੋਕਾਂ ਨੂੰ ਪਹੁੰਚੇ ਨੁਕਸਾਨ ਬਾਰੇ ਜਾਣਕਾਰੀ ਲਈ ਜਾਵੇਗੀ ਅਤੇ ਇਸ ਸੰਕਟ ਦੀ ਘੜੀ ਵਿਚ ਪੀੜ੍ਹਤ ਲੋਕਾਂ ਦੀ ਸਹਾਇਤਾ ਕਰਨ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਾਲਾਂਕਿ ਪਾਰਟੀ ਵਰਕਰ ਮੈਦਾਨ 'ਚ ਬੜੀ ਮਿਹਨਤ ਨਾਲ ਕੰਮ ਕਰ ਰਹੇ ਹਨ ਪਰ ਸਮੱਸਿਆ ਦੀ ਗੰਭੀਰਤਾ ਨੂੰ ਵੇਖਦਿਆਂ ਪਾਰਟੀ ਮੈਦਾਨੀ ਰਿਪੋਰਟਾਂ ਪ੍ਰਾਪਤ ਕਰਨ ਤੋਂ ਬਾਅਦ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ |
ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਅੱਜ <br/>
ਅਜੀਤ ਡੈਸਕ
08-09-2025