ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਐਲਾਨ ਕੀਤਾ ਕਿ ਬਕਾਇਆ ਰਿਕਵਰੀ ਲਈ 'ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025' 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ ਲਾਗੂ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ 'ਚ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਰਿਕਵਰੀ ਨਾਲ ਸੰਬੰਧਿਤ ਲਗਭਗ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਵਪਾਰ ਤੇ ਉਦਯੋਗ ਨੂੰ ਕਾਫ਼ੀ ਰਾਹਤ ਮਿਲੇਗੀ | ਇਸ 'ਵਨ ਟਾਈਮ ਸੈਟਲਮੈਂਟ ਸਕੀਮ' (ਓ.ਟੀ.ਐਸ.) ਦਾ ਐਲਾਨ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲ, ਜਿਸ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਦੀ ਕੈਬਨਿਟ ਮੀਟਿੰਗ 'ਚ ਮਨਜ਼ੂਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਗਈ ਤੀਜੀ ਅਜਿਹੀ ਸਕੀਮ ਹੈ ਅਤੇ ਇਹ ਕਰਦਾਤਾਵਾਂ ਲਈ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਆਖਰੀ ਮੌਕਾ ਹੋਵੇਗਾ | ਉਨ੍ਹਾਂ ਕਿਹਾ ਕਿ 1 ਜਨਵਰੀ, 2026 ਤੋਂ ਬਾਅਦ ਉਨ੍ਹਾਂ ਲੋਕਾਂ ਲਈ ਰਿਕਵਰੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ, ਜੋ ਇਸ ਸਕੀਮ ਦੀ ਚੋਣ ਕਰਨ 'ਚ ਅਸਫਲ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 1 ਕਰੋੜ ਰੁਪਏ ਤੱਕ ਦੇ ਬਕਾਏ ਲਈ, ਕਰਦਾਤਾਵਾਂ ਨੂੰ ਵਿਆਜ ਅਤੇ ਜੁਰਮਾਨੇ 'ਤੇ 100 ਫ਼ੀਸਦੀ ਛੋਟ ਮਿਲੇਗੀ, ਨਾਲ ਹੀ ਟੈਕਸ ਰਕਮ 'ਤੇ ਵੀ 50 ਫ਼ੀਸਦੀ ਛੋਟ ਮਿਲੇਗੀ, 1 ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ ਵਿਆਜ ਅਤੇ ਜੁਰਮਾਨੇ 'ਤੇ 100 ਛੋਟ ਹੋਵੇਗੀ, ਅਤੇ ਟੈਕਸ ਰਕਮ 'ਤੇ 25 ਫ਼ੀਸਦੀ ਛੋਟ ਹੋਵੇਗੀ ਅਤੇ 25 ਕਰੋੜ ਰੁਪਏ ਤੋਂ ਵੱਧ ਬਕਾਏ ਵਾਲੇ ਮਾਮਲਿਆਂ 'ਚ ਟੈਕਸ ਰਕਮ 'ਤੇ 10 ਫ਼ੀਸਦੀ ਛੋਟ ਦੇ ਨਾਲ ਵਿਆਜ ਅਤੇ ਜੁਰਮਾਨੇ 'ਤੇ 100 ਫ਼ੀਸਦੀ ਛੋਟ ਪ੍ਰਦਾਨ ਕੀਤੀ ਜਾਵੇਗੀ |