ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ | ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ | ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ 'ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼ ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸੰਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਮੁਫ਼ਤ ਵੰਡ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਦੇ ਕਿਸਾਨਾਂ ਲਈ 50 ਫ਼ੀਸਦ ਸਬਸਿਡੀ ਭਾਵ 2,000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 60,871 ਕੁਇੰਟਲ ਕਣਕ ਦਾ ਬੀਜ ਵੀ ਪ੍ਰਦਾਨ ਕਰੇਗੀ | ਇਸ ਪਹਿਲਕਦਮੀ ਦਾ ਉਦੇਸ਼ ਗੁਣਵੱਤਾ ਵਾਲਾ ਬੀਜ ਕਿਫ਼ਾਇਤੀ ਕੀਮਤ 'ਤੇ ਆਸਾਨੀ ਨਾਲ ਉਪਲਬਧ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨਾ ਹੈ |
ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ-ਖੁੱਡੀਆਂ <br/>
ਅਜੀਤ ਡੈਸਕ
26-09-2025