ਚੰਡੀਗੜ੍ਹ, 26 ਸਤੰਬਰ (ਸੰਦੀਪ ਕੁਮਾਰ ਮਾਹਨਾ)ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜਭਵਨ ਵਿਖੇ ਮੁਲਾਕਾਤ ਕੀਤੀ | ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਰਾਸ਼ਟਰੀ ਅਤੇ ਰਾਜ ਪੱਧਰ ਦੇ ਮਹੱਤਵਪੂਰਨ ਮੁੱਦਿਆਂ 'ਤੇ ਵਿਸਤਾਰਪੂਰਵਕ ਗੱਲਬਾਤ ਹੋਈ, ਜਿਸ ਦੌਰਾਨ ਸਿੱਖਿਆ, ਸਿਹਤ, ਖੇਤੀਬਾੜੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਰਗੇ ਵਿਸ਼ਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਦੌਰਾਨ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਲਈ ਕੇਂਦਰ ਤੇ ਸੂਬਿਆਂ ਵਿਚਕਾਰ ਨਿਰੰਤਰ ਗੱਲਬਾਤ ਬਹੁਤ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਾਂਝੇ ਵਿਚਾਰ-ਵਟਾਂਦਰੇ ਨਾਲ ਨਾ ਸਿਰਫ਼ ਲੋਕਾਂ ਦੇ ਮੁੱਦਿਆਂ ਦਾ ਹੱਲ ਲੱਭਿਆ ਜਾ ਸਕਦਾ ਹੈ, ਸਗੋਂ ਵਿਕਾਸ ਦੇ ਰਾਹ ਨੂੰ ਵੀ ਗਤੀ ਮਿਲਦੀ ਹੈ | ਸਪੀਕਰ ਬਿਰਲਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਮੇਤ ਸਾਰੇ ਰਾਜਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸੰਸਦ 'ਚ ਰਚਨਾਤਮਕ ਚਰਚਾ ਕਰਵਾਈ ਜਾਵੇਗੀ | ਰਾਜਪਾਲ ਨੇ ਵੀ ਲੋਕ ਸਭਾ ਸਪੀਕਰ ਦੀ ਇਸ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਲਾਕਾਤਾਂ ਨਾਲ ਕੇਂਦਰ ਅਤੇ ਰਾਜਾਂ ਵਿਚਕਾਰ ਰਿਸ਼ਤੇ ਹੋਰ ਮਜ਼ਬੂਤ ਬਣਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜ਼ਰੂਰਤਾਂ ਅਤੇ ਚੁਣੌਤੀਆਂ 'ਤੇ ਧਿਆਨ ਦੇਣ ਲਈ ਮਹੱਤਵਪੂਰਨ ਰਹੀ ਇਹ ਮੁਲਾਕਾਤ ਸਿਰਫ਼ ਸ਼ਿਸ਼ਟਾਚਾਰ ਨਹੀਂ ਸੀ, ਸਗੋਂ ਲੋਕਤੰਤਰ ਦੀਆਂ ਸੰਸਥਾਵਾਂ ਦੇ ਆਪਸੀ ਸੰਬੰਧਾਂ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਕਦਮ ਮੰਨਿਆ ਜਾ ਰਿਹਾ ਹੈ | ਵਿਦਵਾਨਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਮਿਲਣ-ਜੁਲਣ ਨਾਲ ਕੇਂਦਰ ਤੇ ਸੂਬਿਆਂ ਵਿਚਕਾਰ ਨੀਤੀਗਤ ਫ਼ੈਸਲਿਆਂ 'ਚ ਹੋਰ ਸਹਿਮਤੀ ਤੇ ਤੇਜ਼ੀ ਆ ਸਕਦੀ ਹੈ |