ਕਰਨਾਲ, 31 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਅੱਜ ਹੋਣ ਵਾਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 2025-26 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ ਜਿਸ ਦੇ ਵਿਰੋਧ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਕੁਰੂਕਸ਼ੇਤਰ ਮੁੱਖ ਦਫ਼ਤਰ ਵਿਖੇ ਇਕ ਜ਼ਰੂਰੀ ਮੀਟਿੰਗ ਕੀਤੀ | ਮੀਟਿੰਗ ਵਿਚ ਹਰਿਆਣਾ ਕਮੇਟੀ ਦੇ 34 ਮੈਂਬਰ ਸ਼ਾਮਿਲ ਹੋਏ ਅਤੇ ਸਾਰੇ ਮੈਂਬਰਾਂ ਨੇ ਇੱਕਜੁਟ ਹੋ ਕੇ ਕਈ ਅਹਿਮ ਫੈਸਲੇ ਲਏ ਤੇ ਬਲਜੀਤ ਸਿੰਘ ਦਾਦੂਵਾਲ ਦੀ ਮੈਂਬਰੀ ਨੂੰ ਰੱਦ ਕਰਨ ਦਾ ਫੈਸਲਾ ਵੀ ਲਿਆ ਅਤੇ ਨਾਲ ਹੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹਰਿਆਣਾ ਸਰਕਾਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਬੰਧ ਵਿਚ ਦਖਲ ਅੰਦਾਜ਼ੀ ਕਰਨੀ ਬੰਦ ਕਰੇ ਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਨ ਦਿੱਤਾ ਜਾਵੇ | ਮੀਟਿੰਗ ਵਿਚ ਮੌਜੂਦ 34 ਮੈਂਬਰਾਂ ਨੇ ਆਪਣੀ ਇੱਕਜੁੱਟਤਾ ਦਿਖਾਉਂਦੇ ਹੋਏ ਅਹਿਮ ਫੈਸਲੇ ਲਏ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਨਾਮਜ਼ਦ ਮੈਂਬਰ ਵਿਰੁੱਧ 15 ਤੋਂ ਵੱਧ ਮਾਮਲੇ ਦਰਜ ਹਨ ਤੇ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਹੈ ਤੇ ਉਨ੍ਹਾਂ ਦੇ ਜ਼ਬਰਦਸਤੀ ਵਿਵਹਾਰ ਤੇ ਹਰਿਆਣਾ ਕਮੇਟੀ ਦੇ ਪ੍ਰਬੰਧਨ ਵਿਚ ਰੁਕਾਵਟ ਪਾਉਣ ਕਾਰਨ ਸਦਨ ਨੇ ਅੱਜ ਸਿੱਖ ਜੂਡੀਸ਼ੀਅਲ ਕਮਿਸ਼ਨ ਤੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕੀਤੀ ਹੈ ਕਿ ਬਲਜੀਤ ਸਿੰਘ ਦਾਦੂਵਾਲ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਓ. ਐਸ. ਡੀ. ਡਾ. ਪ੍ਰਭਲੀਨ ਸਿੰਘ ਵਲੋਂ ਹਰਿਆਣਾ ਭਰ 'ਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦਾ ਫੈਸਲਾ ਹਰਿਆਣਾ ਕਮੇਟੀ ਮੈਂਬਰਾਂ ਨਾਲ ਸਲਾਹ ਕੀਤੇ ਬਿਨਾਂ ਹੀ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਮੈਂਬਰਾਂ ਨੂੰ ਡਰ ਹੈ ਕਿ ਨਗਰ ਕੀਰਤਨਾਂ ਦੌਰਾਨ ਕਿਸੇ ਵੀ ਸਥਾਨ 'ਤੇ ਗੁਰੂ ਸਾਹਿਬ ਦਾ ਨਿਰਾਦਰ ਹੋ ਸਕਦਾ ਹੈ | ਇਸ ਲਈ ਸਰਕਾਰ ਨੂੰ ਮੈਂਬਰਾਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਾਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ | ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਹੈ ਤਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾ ਤਾਂ ਇਹਨਾਂ ਨਗਰ ਕੀਰਤਨਾਂ ਵਿਚ ਹਿੱਸਾ ਲਵੇਗੀ ਤੇ ਨਾ ਹੀ ਸਹਿਯੋਗ ਕਰੇਗੀ | ਸ: ਝੀਂਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ 25 ਨਵੰਬਰ 2025 ਨੂੰ ਕੁਰੂਕਸ਼ੇਤਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਅਤੇ ਉਸ ਮੌਕੇ ਗੀਤਾ ਜੈਅੰਤੀ ਵੀ ਹੈ ਤੇ ਲੱਖਾਂ ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਉਮੀਦ ਹੈ |
ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲ 2025-26 ਲਈ ਬਜਟ ਮੀਟਿੰਗ ਕੀਤੀ ਰੱਦ
ਅਜੀਤ ਡੈਸਕ
01-11-2025