ਅੰਮਿ੍ਤਸਰ, 2 ਨਵੰਬਰ (ਹਰਮਿੰਦਰ ਸਿੰਘ)-ਨਵੰਬਰ 1984 'ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਸਥਿਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗਿ: ਪਰਵਿੰਦਰਪਾਲ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ 'ਤੇ ਹੋਇਆ ਵੱਡਾ ਹਮਲਾ ਦੱਸਿਆ | ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ 'ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ | ਇਸ ਘਿਨੌਣੇ ਕਾਰੇ ਨੂੰ ਇਤਿਹਾਸ ਹਮੇਸ਼ਾਂ ਯਾਦ ਰੱਖੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ ਆਦਿ ਹਾਜ਼ਰ ਸਨ |
'84 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ 'ਚ ਪਾਠ ਦੇ ਭੋਗ ਪਾਏ
ਅਜੀਤ ਡੈਸਕ
03-11-2025