ਜਲੰਧਰ, 2 ਨਵੰਬਰ (ਅਜੀਤ ਬਿਊਰੋ)-ਕੇਂਦਰ ਸਰਕਾਰ ਨੇ 59 ਸਾਲਾਂ 'ਚ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੀ ਲੋਕਤੰਤਿ੍ਕ ਵਿਵਸਥਾ ਨੂੰ ਢਾਹ ਲਗਾਉਂਦਿਆਂ ਪ੍ਰਸ਼ਾਸਨਿਕ ਢਾਂਚੇ 'ਚ ਵੱਡਾ ਬਦਲਾਅ ਕਰਦਿਆਂ ਪੁਰਾਣੇ ਸੈਨੇਟ ਅਤੇ ਸਿੰਡੀਕੇਟ ਨੂੰ ਫੌਰੀ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ | ਜਿਸ ਦਾ ਵੱਖ-ਵੱਖ ਪਾਰਟੀਆਂ ਤੇ ਆਗੂਆਂ ਤੇ ਹੋਰਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ |
ਯੂਨੀਵਰਸਿਟੀ ਦੇ ਮਾਮਲਿਆਂ 'ਚ ਦਖ਼ਲ ਦੇਣਾ ਬੰਦ ਕਰੇ ਕੇਂਦਰ ਸਰਕਾਰ-ਚੰਦੂਮਾਜਰਾ
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਸੂਬੇ ਦੀ ਸਿੱਖਿਅਕ ਖ਼ੁਦਮੁਖ਼ਤਿਆਰੀ 'ਤੇ ਸਿੱਧਾ ਹਮਲਾ ਹੈ | ਉਨ੍ਹਾਂ ਇਸ ਕਦਮ ਨੂੰ ਜਮਹੂਰੀ ਮੁੱਲਾਂ ਦੀ ਉਲੰਘਣਾ ਦੱਸਦਿਆਂ ਕਿਹਾ ਕਿ ਕੇਂਦਰ ਸਰਕਾਰ ਯੂਨੀਵਰਸਿਟੀ ਦੇ ਮਾਮਲਿਆਂ 'ਚ ਦਖ਼ਲ ਦੇਣਾ ਬੰਦ ਕਰੇ | ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸੂਬੇ ਦਾ ਸਿਰਮੌਰ ਉਚ ਵਿੱਦਿਅਕ ਅਦਾਰਾ ਹੈ, ਜਿਸ ਦੀਆਂ ਡੂੰਘੀਆਂ ਜੜ੍ਹਾਂ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਭਾਸ਼ਾ ਨਾਲ ਜੁੜੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਤੇ ਸਿੱਖਿਅਕ ਅਦਾਰੇ 'ਤੇ ਕੇਂਦਰ ਦਾ ਕਬਜ਼ਾ ਸੂਬਿਆਂ ਦੇ ਵੱਧ ਅਧਿਕਾਰਾਂ ਨੂੰ ਘਟਾਉਣ ਵਾਲੀ ਨੀਤੀ ਦਾ ਹਿੱਸਾ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਬਾਰੇ ਜਾਰੀ ਨੋਟੀਫ਼ਿਕੇਸ਼ਨ ਤੁਰੰਤ ਰੱਦ ਕਰੇ |
ਪੰਜਾਬ ਯੂਨੀਵਰਸਟੀ ਸਾਡੀ ਰੂਹ ਦਾ ਹਿੱਸਾ ਹੈ-ਪਰਮਬੰਸ ਸਿੰਘ ਰੋਮਾਣਾ
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਪੀ.ਯੂ. ਦੇ ਮਾਮਲੇ 'ਤੇ ਸਿੱਧੇ ਤੌਰ 'ਤੇ ਕਿਹਾ ਕਿ ਆਰ. ਐਸ. ਐਸ. ਕੇਂਦਰ ਸਰਕਾਰ ਰਾਹੀਂ ਪੀ.ਯੂ. 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਆਪਣੀ ਮਰਜ਼ੀ ਮੁਤਾਬਿਕ ਪੰਜਾਬ ਦਾ ਇਤਿਹਾਸ ਕਥਿਤ ਆਪਣੇ ਮੁਤਾਬਿਕ ਵਿਦਿਆਰਥੀਆਂ ਨੂੰ ਪੜ੍ਹਾ ਕੇ ਉਨ੍ਹਾਂ ਦੀ ਸੋਚ ਨੂੰ ਆਪਣੇ ਮੁਤਾਬਿਕ ਢਾਲਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪੀ.ਯੂ. ਪੰਜਾਬ ਦਾ ਵਿਰਸਾ ਹੈ, ਪੰਜਾਬੀਆਂ ਦੀ ਰੂਹ ਹੈ ਇਸ 'ਤੇ ਜੇਕਰ ਕੇਂਦਰ ਮਾੜੀ ਨੀਅਤ ਨਾਲ ਵਾਰ ਕਰੇਗਾ ਤਾਂ ਉਸ ਦਾ ਸ਼੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 15 ਨਵੰਬਰ ਦੇ ਨੇੜੇ ਤੇੜੇ ਪੀ.ਯੂ. ਦੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ |
ਸੈਨੇਟ ਭੰਗ ਕਰਨਾ ਪੰਜਾਬ ਨਾਲ ਇਕ ਹੋਰ ਧੱਕਾ-ਪਰਮਿੰਦਰ ਸਿੰਘ ਢੀਂਡਸਾ
ਸੰਗਰੂਰ, 2 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਖ਼ਜ਼ਾਨਚੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫ਼ੈਸਲੇ ਨੂੰ ਪੰਜਾਬ ਨਾਲ ਇਕ ਹੋਰ ਧੱਕਾ ਦੱਸਿਆ ਤੇ ਇਸ ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦਾ ਤੁਰੰਤ ਇਜਲਾਸ ਸੱਦ ਕੇ ਨਵੀਆਂ ਤਰਮੀਮਾਂ ਕਰਨ ਲਈ ਜ਼ੋਰ ਦਿੱਤਾ ਹੈ ਤਾਂ ਕਿ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਡੱਟ ਕੇ ਵਿਰੋਧ ਕੀਤਾ ਜਾ ਸਕੇ | ਉਨ੍ਹਾਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸ ਹਮਲੇ ਦਾ ਡੱਟ ਕੇ ਵਿਰੋਧ ਕਰੇਗਾ ਤੇ ਪੰਜਾਬ ਹਿਤੈਸ਼ੀ ਧਿਰਾਂ ਨਾਲ ਮਿਲ ਕੇ ਜ਼ੋਰਦਾਰ ਸੰਘਰਸ਼ ਕਰੇਗਾ | ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਤੇ ਵਿਦਿਆਰਥੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫੁਰਮਾਨ ਦਾ ਇਕਜੁੱਟ ਹੋ ਕੇ ਸਾਹਮਣਾ ਕਰਨ ਲਈ ਅੱਗੇ ਆਉਣ |
ਸੈਨੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ-ਸੇਖੋਂ
ਚੰਡੀਗੜ੍ਹ, 2 ਨਵੰਬਰ (ਅਜਾਇਬ ਸਿੰਘ ਔਜਲਾ)-ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਬਾਰੇ ਕੀਤਾ ਗਿਆ ਫ਼ੈਸਲਾ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫ਼ੈਸਲੇ ਨਾਲ ਸਾਲਾਂ ਤੋਂ ਚੱਲੀ ਆ ਰਹੀ ਚੋਣ ਪ੍ਰਣਾਲੀ ਰਾਹੀਂ ਪ੍ਰਬੰਧਕੀ ਢਾਂਚੇ, ਜਿਸ ਵਿਚ ਸਿੱਧੇ ਰੂਪ ਵਿਚ ਪੰਜਾਬ ਯੂਨੀਵਰਸਿਟੀ ਤੋਂ ਗ੍ਰੈਜੂਏਟ ਪੁਰਾਣੇ ਵਿਦਿਆਰਥੀਆਂ ਵਲੋਂ ਵੋਟਾਂ ਰਾਹੀਂ ਹਿੱਸਾ ਲਿਆ ਜਾਂਦਾ ਰਿਹਾ ਹੈ, ਨੂੰ ਪੂਰਨ ਤੌਰ 'ਤੇ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਦੇ ਵਿਚ ਆਪਣੇ ਅਧੀਨ ਲੈ ਲਿਆ ਹੈ | ਉਨ੍ਹਾਂ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲਗਾਤਾਰ ਦੇਸ਼ ਅੰਦਰ ਲੋਕਤੰਤਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੇ ਰਾਹ 'ਤੇ ਪਈ ਹੋਈ ਹੈ, ਜਿਥੇ ਸੂਬਿਆਂ ਦੇ ਅਧਿਕਾਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ |
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦਾ ਵਿਰੋਧ ਜਾਰੀ <br/>
ਅਜੀਤ ਡੈਸਕ
03-11-2025