ਨਵੇਂ ਪ੍ਰਾਜੈਕਟਾਂ ਨਾਲ ਇਤਿਹਾਸਕ ਸ਼ਹਿਰ ਦੀ ਡੇਢ ਲੱਖ ਆਬਾਦੀ ਨੂੰ ਮਿਲੇਗਾ ਲਾਭ
ਸ੍ਰੀ ਮੁਕਤਸਰ ਸਾਹਿਬ, 2 ਨਵੰਬਰ (ਰਣਜੀਤ ਸਿੰਘ ਢਿੱਲੋਂ/ਹਰਮਹਿੰਦਰਪਾਲ)-ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ | ਇਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 138.82 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿਚ ਨਵੇਂ ਸੀਵਰੇਜ ਸਿਸਟਮ ਲਈ 90 ਕਰੋੜ 68 ਲੱਖ ਰੁਪਏ ਜਦਕਿ ਜਲ ਸਪਲਾਈ ਦੇ ਪ੍ਰਾਜੈਕਟਾਂ ਲਈ 48 ਕਰੋੜ 14 ਲੱਖ ਰੁਪਏ ਖਰਚੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿਚ 31 ਹਜ਼ਾਰ ਘਰ ਹਨ ਅਤੇ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਇਕ ਲੱਖ 58 ਹਜ਼ਾਰ ਲੋਕਾਂ ਨੂੰ ਫ਼ਾਇਦਾ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਵਿਚ 30 ਸਾਲਾਂ ਬਾਅਦ ਨਵੇਂ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪਿਛਲੇ ਸਮੇਂ ਵਿਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਇਸ ਜ਼ਿਲ੍ਹੇ ਵਿਚੋਂ ਬਣਦੇ ਰਹੇ ਹਨ, ਪਰ ਇਸ ਸ਼ਹਿਰ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੋਟਕਪੂਰਾ ਰੋਡ ਮੇਨ ਜਲ ਘਰ ਅਤੇ ਅਬੋਹਰ ਰੋਡ ਜਲ ਘਰ ਵਿਖੇ ਦੋ ਨੰਬਰ ਪਾਣੀ ਦੀਆਂ ਉਚੀਆਂ ਟੈਂਕੀਆਂ ਬਣਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਦੌਰਾਨ ਪੁੱਟੀਆਂ ਜਾਣ ਵਾਲੀਆਂ ਵੱਖ-ਵੱਖ ਵਿਭਾਗਾਂ ਦੀਆਂ ਮੇਨ ਸੜਕਾਂ ਅਤੇ ਨਗਰ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17 ਕਰੋੜ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਅਧਿਕਾਰੀਆਂ ਨੂੰ ਦੋਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ | ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫ਼ੈਸਲੇ ਕੀਤੇ ਹਨ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਪਿ੍ੰਸੀਪਲ ਸਕੱਤਰ ਨੀਲ ਕੰਠ ਐਸ ਅਵਧ, ਡੀ.ਆਈ.ਜੀ. ਫ਼ਰੀਦਕੋਟ ਰੇਂਜ ਨਿਲੰਬਰੀ ਜਗਦਲੇ, ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਐਸ.ਐਸ.ਪੀ. ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਬੈਂਕ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਬਰਾੜ, ਮਾਲਵਾ ਮੀਡੀਆ ਇੰਚਾਰਜ ਚਰਨਜੀਤ ਸਿੰਘ ਧਾਲੀਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਸੁਖਜਿੰਦਰ ਸਿੰਘ ਬਬਲੂ ਬਰਾੜ, ਜੈ ਚੰਦ ਭੰਡਾਰੀ, ਵਿੱਕੀ ਕੁਮਾਰ, ਕੇਵਲ ਕਿ੍ਸ਼ਨ ਕਾਰਜਕਾਰੀ ਇੰਜੀਨੀਅਰ, ਜਗਮੋਹਨ ਸਿੰਘ ਸੰਧੂ ਐਸ.ਡੀ.ਓ., ਖੁਸ਼ਹਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰਵਾਸੀ ਤੇ ਪੰਚ, ਸਰਪੰਚ ਹਾਜ਼ਰ ਸਨ |
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਅਜੀਤ ਡੈਸਕ
03-11-2025