ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾਂ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਿਆਈ ਦਿਵਸ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸ਼ੋ੍ਰਮਣੀ ਕਮੇਟੀ ਵਲੋਂ 23 ਤੋਂ 29 ਨਵੰਬਰ ਤੱਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ | ਇਸ ਸੰਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਸੰਬੰਧੀ ਸਵੇਰੇ 9:30 ਵਜੇ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਇਹ ਸਮਾਗਮ ਗੁਰੂ ਕੇ ਮਹਿਲ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਹੋਣਗੇ | ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਹੋਣਗੇ | ਉਨ੍ਹਾਂ ਅੱਗੇ ਦੱਸਿਆ ਕਿ 25 ਨਵੰਬਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 1 ਵਜੇ ਤੱਕ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼ਹੀਦੀ ਸ਼ਤਾਬਦੀ ਸੰਬੰਧੀ ਮੁੱਖ ਸਮਾਗਮ ਹੋਣਗੇ ਅਤੇ ਬਾਅਦ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਢਾਡੀ ਕਵੀਸ਼ਰੀ ਦਰਬਾਰ ਹੋਵੇਗਾ | ਜਦੋਂਕਿ ਰਾਤ 8 ਵਜੇ ਤੋਂ ਦੇਰ ਰਾਤ ਤੱਕ ਕਵੀ ਦਰਬਾਰ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ 24 ਨਵੰਬਰ ਤੋਂ 28 ਨਵੰਬਰ ਤੱਕ ਰੋਜ਼ਾਨਾ ਸ਼ਾਮ 7 ਵਜੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ਼ਨੀ ਅਤੇ ਆਵਾਜ਼ ਤੇ ਆਧਾਰਿਤ ਧਾਰਮਿਕ ਨਾਟਕ ਹੋਣਗੇ | ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਇਸਤਰੀ ਗੁਰਮਤਿ ਸੰਮੇਲਨ ਹੋਵੇਗਾ ਅਤੇ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਕਵੀਸ਼ਰੀ ਦਰਬਾਰ ਹੋਵੇਗਾ | ਕੰਗ ਨੇ ਕਿਹਾ ਕਿ 27 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੀਸ ਸਸਕਾਰ ਸੰਬੰਧੀ 9 ਵਜੇ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਢਾਡੀ ਦਰਬਾਰ ਹੋਵੇਗਾ ਅਤੇ ਰਾਤ 8 ਵਜੇ ਤੋਂ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਣਗੇ | ਉਨ੍ਹਾਂ ਕਿਹਾ ਕਿ 28 ਨਵੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਗਤਕਾ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਹੋਣਗੇ ਅਤੇ ਰਾਤ 8 ਵਜੇ ਤੋਂ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਣਗੇ | ਮੈਨੇਜਰ ਕੰਗ ਨੇ ਕਿਹਾ ਕਿ ਭਾਈ ਜੈਤਾ ਜੀ ਮਾਰਗ ਸ਼ਹੀਦੀ ਨਗਰ ਕੀਰਤਨ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜਣ 'ਤੇ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ | 29 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਬੀਬਾਨਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਦੀ ਤੀਕ ਖ਼ਾਲਸਾਈ ਜਾਹੋ ਜਲਾਲ ਨਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਜਾਵੇਗਾ | ਸੀਸ ਸਸਕਾਰ ਸਬੰਧੀ ਮੁੱਖ ਸਮਾਗਮ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੇ | ਉਨ੍ਹਾਂ ਸਮੁੱਚੀ ਲੁਕਾਈ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ | ਇਸ ਮੌਕੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ ਤੇ ਸੰਦੀਪ ਸਿੰਘ ਕਲੋਤਾ, ਮੀਤ ਮੈਨੇਜਰ ਜਸਵੀਰ ਸਿੰਘ, ਭੁਪਿੰਦਰ ਸਿੰਘ ਅਤੇ ਅਮਰਜੀਤ ਸਿੰਘ ਬਾੜੀਆਂ ਵੀ ਹਾਜ਼ਰ ਸਨ |
ਸ਼ੋ੍ਰਮਣੀ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਜਾਰੀ <br/>
ਅਜੀਤ ਡੈਸਕ
04-11-2025