ਚੋਣਾਂ ਨਾ ਕਰਵਾਉਣਾ ਸਿੱਖ ਜਮਹੂਰੀਅਤ 'ਤੇ ਵੱਡਾ ਹਮਲਾ-ਇਮਾਨ ਸਿੰਘ ਮਾਨ
ਅੰਮਿ੍ਤਸਰ, 3 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਅੱਜ ਜਨਰਲ ਇਜਲਾਸ ਦੌਰਾਨ ਅਕਾਲੀ ਦਲ (ਅੰਮਿ੍ਤਸਰ) ਵਲੋਂ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਰਾਂ ਵਾਲੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਸ਼ੋ੍ਰਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ ਕੀਤੀ ਗਈ | ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸ਼ੋ੍ਰਮਣੀ ਕਮੇਟੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਸ਼੍ਰੋਮਣੀ ਕਮੇਟੀ ਹਾਊਸ ਵਿਚ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦੇਣ ਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਪ੍ਰਸ਼ਾਸ਼ਨ ਨੇ ਸਰਾਂ ਵਾਲੇ ਦਰਵਾਜ਼ੇ 'ਤੇ ਹੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਰੋਕ ਲਿਆ | ਇਸ ਦੌਰਾਨ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਤੇ ਰੋਸ ਧਰਨੇ ਕਾਰਨ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜਾਰੀ ਨੂੰ ਗ਼ੈਰ-ਜਮਹੂਰੀ ਤੇ ਸਿੱਖ ਸੰਗਤ ਦੀ ਇੱਛਾ ਦੇ ਉਲਟ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਨਰਲ ਚੋਣਾਂ ਦੀ ਮਿਆਦ 2011 ਵਿਚ ਖ਼ਤਮ ਹੋ ਚੁੱਕੀ ਹੈ ਪਰ ਚੋਣਾਂ ਨਾ ਹੋਣ ਕਰਕੇ ਇਸ ਸਮੇਂ ਕਮੇਟੀ ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਤੌਰ 'ਤੇ ਚੱਲ ਰਹੀ ਹੈ | ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਜਰਨਲ ਸਕੱਤਰ ਉਪਕਾਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਹਰਮਨਦੀਪ ਸਿੰਘ ਸੁਲਤਾਨਵਿੰਡ, ਕੁਲਵੰਤ ਸਿੰਘ ਕੋਟਲਾ, ਦਵਿੰਦਰ ਸਿੰਘ ਬੱਲ, ਕੁਲਵੰਤ ਸਿੰਘ ਮਝੈਲ, ਦਵਿੰਦਰ ਸਿੰਘ ਅਤੇ ਰਵੀਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ |
ਅਕਾਲੀ ਦਲ (ਅ) ਵਲੋਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਪ੍ਰਦਰਸ਼ਨ
ਅਜੀਤ ਡੈਸਕ
04-11-2025