ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵਲੋਂ ਹਾਲ ਹੀ 'ਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸੰਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ | ਇਸ ਦਸਤਾਵੇਜ਼ੀ ਨੂੰ ਰਸਮੀ ਤੌਰ 'ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ | ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵਲੋਂ ਤਿਆਰ ਕੀਤੀ ਗਈ ਹੈ | ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦਿ੍ੜ੍ਹਤਾ ਨਾਲ ਖੜ੍ਹੇ ਰਹੇ | ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਹੜ੍ਹਾਂ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਕੀਤੇ ਗਏ ਮਹੱਤਵਪੂਰਨ ਰੋਕਥਾਮ ਉਪਾਵਾਂ ਬਾਰੇ ਜਾਣਕਾਰੀ ਦਿੱਤੀ | ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਵਿਭਾਗ ਵਲੋਂ ਲਗਾਤਾਰ ਪਸ਼ੂਧਨ ਦੀ ਸਿਹਤ ਅਤੇ ਉਤਪਾਦਕਤਾ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦਿ੍ਤ ਕੀਤਾ ਜਾ ਰਿਹਾ ਹੈ |
ਖੁੱਡੀਆਂ ਵਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫ਼ਿਲਮ ਜਾਰੀ <br/>
ਅਜੀਤ ਡੈਸਕ
04-11-2025