ਸੁਲਤਾਨਪੁਰ ਲੋਧੀ, 4 ਨਵੰਬਰ (ਅਮਰਜੀਤ ਕੋਮਲ, ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੇ ਸੰਬੰਧ ਵਿਚ ਬੀਤੀ 3-4 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 5-6 ਨਵੰਬਰ ਦੀ ਦਰਮਿਆਨੀ ਰਾਤ ਨੂੰ 1:40 ਵਜੇ ਪੈਣਗੇ | ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ | ਸਮਾਗਮ ਦੇ ਅੱਜ ਦੂਜੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਦੇਸ਼ ਵਿਦੇਸ਼ ਤੋਂ 2 ਲੱਖ ਤੋਂ ਵੱਧ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਨੂੰ ਮੁੱਖ ਰੱਖਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਖ਼ੂਬਸੂਰਤ ਲਾਈਟਾਂ ਨਾਲ ਸਜਾਉਣ ਤੋਂ ਇਲਾਵਾ ਡਾਇਮੰਡ ਰਿਜ਼ੋਰਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਤੇ ਡਿਉੜੀ ਵਿਚ ਬਹੁਤ ਹੀ ਖ਼ੂਬਸੂਰਤ ਫੁੱਲਾਂ ਨਾਲ ਕੀਤੀ ਗਈ ਸਜਾਵਟ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਹੈ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 5 ਤੇ 6 ਨਵੰਬਰ ਨੂੰ ਭਾਈ ਮਰਦਾਨਾ ਦੀਵਾਨ ਹਾਲ ਵਿਚ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਗੁਰਬਾਣੀ ਕੀਰਤਨ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ ਤੇ ਇਸੇ ਦਿਨ ਸ਼ਾਮ ਨੂੰ 7 ਵਜੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ | ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ 12 ਵਜੇ ਗੁਰਦੁਆਰਾ ਸਾਹਿਬ ਵਿਚ ਅੰਮਿ੍ਤ ਸੰਚਾਰ ਹੋਵੇਗਾ | ਅੱਜ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਹਿਰ ਵਿਚਲੇ ਹੋਰ ਗੁਰਦੁਆਰਾ ਸਾਹਿਬਾਨ ਦੇ ਸੰਗਤਾਂ ਨੇ ਦਰਸ਼ਨ ਕੀਤੇ | ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕੰਪਲੈਕਸ ਅੰਦਰ ਪਿੰਡ ਠੱਟਾ ਟਿੱਬਾ ਬਾਹਰਾ ਦੀ ਸੰਗਤ ਵਲੋਂ ਸੰਤ ਹਰਜੀਤ ਸਿੰਘ ਦੀ ਅਗਵਾਈ ਵਿਚ ਲਾਇਆ ਗਿਆ ਲੰਗਰ ਅਤੁੱਟ ਵਰਤਾਇਆ ਜਾ ਰਿਹਾ ਹੈ | ਸੰਤ ਹਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਵਲੋਂ ਪਿਛਲੇ ਕਈ ਵਰਿ੍ਹਆਂ ਤੋਂ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ ਤੇ 1 ਨਵੰਬਰ ਤੋਂ ਆਰੰਭ ਹੋਏ ਇਸ ਲੰਗਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਲੰਗਰ ਛਕ ਰਹੀਆਂ ਹਨ | ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੇ ਵੱਖ-ਵੱਖ ਮਾਰਗਾਂ 'ਤੇ ਗੱਡੀਆਂ ਖੜ੍ਹੀਆਂ ਕਰਨ ਲਈ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ |
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਧਾਰਮਿਕ ਸਮਾਗਮ ਆਰੰਭ <br/>
ਅਜੀਤ ਡੈਸਕ
05-11-2025