ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਤਰਨਤਾਰਨ 'ਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ | ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ | ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ | ਪਟੀਸ਼ਨ ਵਿਚ, ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਜੋ ਕਿਹਾ ਸੀ, ਉਸ ਦੇ ਸਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖ਼ੁਦਮੁਖ਼ਤਿਆਰੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ | ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ ਤਾਂ ਕਮਿਸ਼ਨ ਵਲੋਂ ਵੱਖਰੀ ਕਾਰਵਾਈ ਕਰਨਾ ਗਲਤ ਹੈ |