ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ.ਐਸ. ਨਿੱਕੂਵਾਲ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਮੌਕੇ 23 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਵਿਖੇ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ | ਇਸੇ ਤਰ੍ਹਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜਾਏ ਗਏ ਮੁੱਖ ਪੰਡਾਲ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਸਮਾਗਮ ਮੌਕੇ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ, ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ, ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਸਤਪਾਲ ਸਿੰਘ ਐਮ.ਏ. ਅਤੇ ਕਵੀਸ਼ਰ ਭਾਈ ਮੱਸਾ ਸਿੰਘ ਸਭਰਾ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਨਗੇ | ਇਸੇ ਤਰ੍ਹਾਂ 22 ਨਵੰਬਰ ਤੋਂ 29 ਨਵੰਬਰ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਅੰਮਿ੍ਤ ਸੰਚਾਰ ਸਮਾਗਮ ਵੀ ਹੋਣਗੇ |